ਨਿੱਜੀ ਪੱਤਰ ਪ੍ਰੇਰਕ
ਜਲੰਧਰ, 25 ਸਤੰਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਗਈ। ਬੁਲਾਰਿਆ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਪੰਜਾਬ ਨੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਟਵੀਟ ਕੀਤਾ ਹੈ ਪਰ ਜਥੇਬੰਦੀ ਨੋਟੀਫਿਕੇਸ਼ਨ ਹੋਣ ਤੱਕ ਸੰਘਰਸ਼ ਜਾਰੀ ਰੱਖੇਗੀ। ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਦਾ ਸਬਜ਼ਬਾਗ ਦਿਖਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਦੇ ਵਾਅਦਿਆਂ ਦੀ ਹਵਾ ਨਿੱਕਲ ਚੁੱਕੀ ਹੈ। ਆਗੂਆਂ ਨੇ ਕਿਹਾ ਕਿ 30 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ।
ਪਠਾਨਕੋਟ (ਪੱਤਰ ਪ੍ਰੇਰਕ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਸਮਿਤੀ ਜ਼ਿਲ੍ਹਾ ਪਠਾਨਕੋਟ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਸਬੰਧੀ ਜ਼ਿਲ੍ਹਾ ਕਨਵੀਨਰ ਰਜਨੀਸ਼ ਕੁਮਾਰ ਤੇ ਭਵਾਨੀ ਠਾਕੁਰ ਦੀ ਅਗਵਾਈ ਹੇਠ ਅੱਜ ਸੁਜਾਨਪੁਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਨਵੀਨਰ ਰਜਨੀਸ਼ ਕੁਮਾਰ ਅਤੇ ਭਵਾਨੀ ਠਾਕੁਰ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਸੰਭਾਵਨਾਵਾਂ ਤਲਾਸ਼ਣ ਲਈ ਟਵੀਟ ਕੀਤਾ ਹੈ ਪਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪਵਨ ਕੁਮਾਰ, ਰਣਜੀਤ ਸਿੰਘ, ਕ੍ਰਿਸ਼ਨ ਗੋਪਾਲ, ਬੋਧ ਰਾਜ, ਸਿੰਧ ਰਾਜ, ਰਵਿੰਦਰ ਸਾਬਾ, ਰਾਜੇਸ਼ ਸ਼ਰਮਾ, ਬਲਵਿੰਦਰ ਕੁਮਾਰ, ਕੁਲਬੀਰ ਕਟੋਚ ਆਦਿ ਹਾਜ਼ਰ ਸਨ।
ਤਰਨ ਤਰਨ (ਪੱਤਰ ਪ੍ਰੇਰਕ): ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਨੇ ਅੱਜ ਇਥੇ ਰੋਸ ਵਿਖਾਵਾ ਕਰਕੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਖ਼ਿਲਾਫ਼ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਇਸ ਕਾਰਵਾਈ ਦੌਰਾਨ ਇਕੱਤਰ ਹੋਏ ਮੁਲਾਜ਼ਮਾਂ ਨੂੰ ਹੋਰਾਂ ਤੋਂ ਇਲਾਵਾ ਜਰਨੈਲ ਸਿੰਘ ਪੱਟੀ, ਪ੍ਰਭਜੋਤ ਸਿੰਘ ਗੋਹਲਵੜ੍ਹ, ਸਰਬਜੀਤ ਸਿੰਘ, ਅੰਗਰੇਜ ਸਿੰਘ ਤੇ ਪ੍ਰਤਾਪ ਸਿੰਘ ਨੇ ਸੰਬੋਧਨ ਕੀਤਾ|