ਪੱਤਰ ਪ੍ਰੇਰਕ
ਚੰਡੀਗੜ੍ਹ, 14 ਜੁਲਾਈ
ਪੰਜਾਬ ਜਲ ਸਰੋਤ ਵਿਭਾਗ ਦੇ ਕਰਮਚਾਰੀ ਮੌਜੂਦਾ ਪ੍ਰਮੁੱਖ ਸਕੱਤਰ ਦੇ ਵਿਵਹਾਰ ਤੋਂ ਪ੍ਰੇਸ਼ਾਨ ਇੰਜਨੀਅਰਿੰਗ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖ਼ਤੀ ਸ਼ਿਕਾਇਤ ਭੇਜਣ ਉਪਰੰਤ ਵਿਭਾਗ ਦੇ ਕੰਮ ਕਾਜ ਠੱਪ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਇੰਜਨੀਅਰਿੰਗ ਵਿੰਗ ਦੇ ਨਾਲ-ਜਲ ਸਰੋਤ ਵਿਭਾਗ ਦੇ ਕਲੈਰੀਕਲ ਅਤੇ ਰੈਵੇਨਿਊ ਸਟਾਫ਼ ਨੇ ਵੀ ਸਹਿਯੋਗ ਦੇ ਦਿੱਤਾ ਹੈ। ਮੁੱਖ ਮੰਤਰੀ ਨੂੰ ਪ੍ਰਮੁੱਖ ਸਕੱਤਰ ਖ਼ਿਲਾਫ਼ ਲਿਖੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪ੍ਰਮੁੱਖ ਸਕੱਤਰ ਵੱਲੋਂ ਜਲ ਸਰੋਤ ਵਿਭਾਗ ਦੇ ਕਰਮਚਾਰੀਆਂ ਅਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਨਾਲ ਬਹੁਤ ਬੁਰਾ ਸਲੂਕ ਕੀਤਾ ਜਾ ਰਿਹਾ ਹੈ। ਮੀਟਿੰਗਾਂ ਵਿੱਚ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਹੈ। ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਕਿਸੇ ਵੀ ਕਿਸਮ ਦਾ ਸਪੱਸ਼ਟੀਕਰਨ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਨਿੱਜੀ ਤੌਰ ’ਤੇ ਨਿਸ਼ਾਨਾ ਬਣਾਉਂਦਿਆਂ ਜਾਂ ਤਾਂ ਮੁਅੱਤਲ ਕਰ ਦਿੱਤਾ ਜਾਂਦਾ ਹੈ ਅਤੇ ਫਿਰ ਚਾਰਜਸ਼ੀਟ ਕਰ ਦਿੱਤਾ ਜਾਂਦਾ ਹੈ। ਪ੍ਰਮੁੱਖ ਸਕੱਤਰ ਦੇ ਇਸ ਤਾਨਸ਼ਾਹੀ ਵਤੀਰੇ ਕਾਰਨ ਕਰਮਚਾਰੀਆਂ ਦਾ ਮਨੋਬਲ ਡਿੱਗਦਾ ਹੈ ਅਤੇ ਮਾਨਸਿਕ ਤੌਰ ’ਤੇ ਕਾਫ਼ੀ ਪ੍ਰੇਸ਼ਾਨ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਮੌਜੂਦਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਕੰਮ ਕਰਨਾ ਅਸੰਭਵ ਹੈ। ਇਸ ਲਈ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਤਾਂ ਵਿਭਾਗ ਦੇ ਇੰਜਨੀਅਰਿੰਗ ਵਿੰਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ 15 ਜੁਲਾਈ ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ।