ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਦੇ ਨਾਲ-ਨਾਲ ਕਮਾਊ ਜੀਅ ਗੁਆ ਚੁੱਕੇ ਸਾਰੇ ਪਰਿਵਾਰਾਂ ਨੂੰ 1 ਜੁਲਾਈ 2021 ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ, ਜਿਨ੍ਹਾਂ ਦੇ ਕਮਾਊ ਜੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ, ਲਈ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਸਿੱਖਿਆ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਵਿਅਕਤੀ ਇਕ ਜੁਲਾਈ ਤੋਂ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਦੇ ਯੋਗ ਹੋਣਗੇ ਅਤੇ ਸੂਬੇ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫਤ ਰਾਸ਼ਨ ਲਈ ਵੀ ਹੱਕਦਾਰ ਹੋਣਗੇ। ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਵੀ ਆਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਕ ਮੈਂਬਰਾਂ ਨੂੰ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਢੁੱਕਵੀਂ ਨੌਕਰੀ ਦਿਵਾਉਣ ’ਚ ਸਹਾਇਤਾ ਕਰੇਗੀ। ਉਨ੍ਹਾਂ ਦੱਸਿਆ ਕਿ ਬੇਸਹਾਰਾ ਬੱਚਿਆਂ ਨੂੰ 21 ਸਾਲ ਦੀ ਉਮਰ ਤੱਕ ਇਹ ਰਾਹਤ ਮਿਲੇਗੀ। ਜਿੱਥੋਂ ਤੱਕ ਕਿਸੇ ਪਰਿਵਾਰ ਦੇ ਕਮਾਊ ਜੀਅ ਦੇ ਤੁਰ ਜਾਣ ਦਾ ਸਬੰਧ ਹੈ ਤਾਂ ਉਸ ਮਾਮਲੇ ਵਿੱਚ ਤਿੰਨ ਸਾਲ ਦੇ ਸ਼ੁਰੂਆਤੀ ਸਮੇਂ ਵਿੱਚ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਮੁੜ ਘੋਖਣ ਮਗਰੋਂ ਅਗਲਾ ਫ਼ੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਅਜਿਹੇ ਕੇਸਾਂ ਦੀ ਸਮੀਖਿਆ ਲਈ ਸਮਾਜਿਕ ਸੁਰੱਖਿਆ ਤੇ ਮਹਿਲਾਵਾਂ ਤੇ ਬਾਲ ਵਿਕਾਸ ਮੰਤਰੀ ਦੀ ਅਗਵਾਈ ਵਿੱਚ ਕਮੇਟੀ ਦੇ ਗਠਨ ਦਾ ਐਲਾਨ ਕੀਤਾ।