ਮਿਹਰ ਸਿੰਘ ਕੁਰਾਲੀ/ਸ਼ਸ਼ੀਪਾਲ ਜੈਨ
ਕੁਰਾਲੀ/ਖਰੜ, 15 ਫਰਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਕਾਂਗਰਸ ਦੇ ਹੱਕ ਵਿੱਚ ਜੋ ਹਨੇਰੀ ਝੁੱਲ ਰਹੀ ਹੈ, ਉੁਸ ਨੂੰ ਕੋਈ ਵੀ ਰੋਕ ਨਹੀਂ ਸਕਦੀ। ਸਥਾਨਕ ਸਟੇਸ਼ਨ ਮੰਡੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ‘ਆਪ’ ਨੂੰ 2017 ਵਾਂਗ ਹਾਰ ਝੱਲਣੀ ਪਵੇਗੀ ਜਦਕਿ ਭਾਜਪਾ ਤੇ ਪੰਜਾਬ ਲੋਕ ਕਾਂਗਰਸ ਨੂੰ ਲੋਕ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ 2017 ਨਾਲੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਵੇਗੀ। ਵੋਟਰਾਂ ਨੂੰ ਵਿਜੇ ਸ਼ਰਮਾ ਟਿੰਕੂ ਦੇ ਹੱਕ ਵਿੱਚ ਭੁਗਤ ਕੇ ਵਿਧਾਇਕ ਬਣਾਉਣ ਦੀ ਅਪੀਲ ਕਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਉਹ ਸ੍ਰੀ ਟਿੰਕੂ ਨਾਲ ਮਿਲ ਕੇ ਹਲਕੇ ਨੂੰ ਵਿਕਾਸ ਦੇ ਪੱਖ ਤੋਂ ਨਵੀਂ ਦਿੱਖ ਦੇਣਗੇ ਅਤੇ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।
ਸ੍ਰੀ ਆਨੰਦਪੁਰ ਸਾਹਿਬ/ਘਨੌਲੀ/ਨੰਗਲ (ਜਗਮੋਹਨ ਸਿੰਘ/ਬੀਐੱਸ ਚਾਨਾ/ਰਾਕੇਸ਼ ਸੈਣੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰੋਡ ਸ਼ੋਅ ਕਰਕੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇਪੀ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਭਰਤਗੜ੍ਹ ਤੋਂ ਸ਼ੁਰੂ ਹੋਏ ਰੋਡ ਸ਼ੋਅ ਦੌਰਾਨ ਵੱਖ-ਵੱਖ ਥਾਵਾਂ ’ਤੇ ਹਲਕੇ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਕੇਪੀ ਸਿੰਘ ਦਾ ਫੁੱਲਾਂ ਦੀ ਵਰਖਾ ਕਰਕੇ ਭਰਪੂਰ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਚੰਨੀ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਮੁੜ ਬਣਨ ’ਤੇ ਰਾਣਾ ਕੇਪੀ ਸਿੰਘ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਤੇ ਪੂਰੇ ਰੂਪਨਗਰ ਜ਼ਿਲ੍ਹੇ ਦੀ ਕਾਇਆ ਪਲਟ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ੁਦ ਗਰੀਬੀ ਹੰਢਾਈ ਹੈ ਤੇ ਘਨੌਲੀ ਨੇੜੇ ਪਿੰਡ ਅਲੀਪੁਰ ਵਿੱਚ ਦਸ ਸਾਲ ਤੇਲ ਵੇਚਦੇ ਰਹੇ ਹਨ ਜਿਸ ਕਰਕੇ ਰੂਪਨਗਰ ਜ਼ਿਲ੍ਹੇ ਦਾ ਸਾਰਾ ਇਲਾਕਾ ਉਨ੍ਹਾਂ ਨੂੰ ਜਾਣਦਾ ਹੈ। ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਰਾਣਾ ਕੇਪੀ ਸਿੰਘ ਦੇ ਹੱਕ ਵਿੱਚ ਮੁੱਖ ਮੰਤਰੀ ਵੱਲੋਂ ਕੱਢਿਆ ਰੋਡ ਸ਼ੋਅ ਦੇਰ ਸ਼ਾਮ ਨੂੰ ਟਰੱਕ ਯੂਨੀਅਨ ਨੰਗਲ ਵਿੱਚ ਪਹੁੰਚਿਆ। ਇਥੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ 70 ਸਾਲਾਂ ਬਾਅਦ ਮੁੱਖ ਮੰਤਰੀ ਦੀ ਕੁਰਸੀ ਸਾਡੇ ਜ਼ਿਲ੍ਹੇ ਨੂੰ ਮਿਲੀ ਹੈ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਤੋਂ ਇਲਾਕੇ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ।