ਪੱਤਰ ਪ੍ਰੇਰਕ
ਚੰਡੀਗੜ੍ਹ, 23 ਜੁਲਾਈ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਮੀਟਿੰਗ ਕੀਤੀ ਗਈ। ਵਫ਼ਦ ਵੱਲੋਂ ਮੁਲਾਜ਼ਮਾਂ ਦਾ ਅੰਕੜਿਆਂ ਸਮੇਤ ਠੋਸ ਪੱਖ ਅਤੇ ਹੋਰਨਾਂ ਸੂਬਿਆਂ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਮੁੜ ਬਹਾਲ ਕੀਤੀ ਪੁਰਾਣੀ ਪੈਨਸ਼ਨ ਪ੍ਰਣਾਲੀ ਦੇ ਦਸਤਾਵੇਜ਼ ਵੀ ਪੇਸ਼ ਕੀਤੇ ਗਏ। ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜ਼ੋਨ ਕਨਵੀਨਰ ਗੁਰਬਿੰਦਰ ਖਹਿਰਾ, ਜਸਵੀਰ ਭੰਮਾ, ਹਰਵਿੰਦਰ ਅੱਲੂਵਾਲ ਅਤੇ ਸਤਪਾਲ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਨੂੰ ਉਨ੍ਹਾਂ ਦੇ ਚੋਣ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਗਿਆ ਕਿ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਲਈ ਸਰਕਾਰ ਵੱਲੋਂ ਕੋਈ ਵੀ ਅਮਲੀ ਕਾਰਵਾਈ ਨਹੀਂ ਆਰੰਭੀ ਗਈ। ਮੰਤਰੀ ਨੇ ਕੋਈ ਠੋਸ ਹੁੰਗਾਰਾ ਦੇਣ ਦੀ ਬਜਾਇ ਇਹ ਗੱਲ ਕਹਿ ਕੇ ਪੱਲਾ ਝਾੜ ਲਿਆ ਕਿ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਹੈ ਪਰ ਹਾਲੇ ਸੂਬੇ ਦੀ ਵਿੱਤੀ ਹਾਲਤ ਕਮਜ਼ੋਰ ਹੈ।
ਸਰਕਾਰ ਨੂੰ ਤਿੱਖੇ ਮੁਲਾਜ਼ਮ ਸੰਘਰਸ਼ਾਂ ਦੀ ਚਿਤਾਵਨੀ
ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਦੇ ਚੋਣ ਐਲਾਨਾਂ ਅਤੇ ਅਮਲ ਵਿੱਚ ਵੱਡਾ ਅੰਤਰ ਹੈ, ਜੋ ‘ਆਪ’ ਸਰਕਾਰ ਦੇ ਮਨਸੂਬਿਆਂ ਬਾਰੇ ਗੰਭੀਰ ਸੁਆਲ ਖੜ੍ਹੇ ਕਰਦਾ ਹੈ। ਅਗਲੇ ਸਾਲਾਂ ਦੌਰਾਨ ਐੱਨਪੀਐੱਸ ਅਧੀਨ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਣਾ ਹੈ। ਜੇ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਇਸੇ ਤਰ੍ਹਾਂ ਦਾ ਢਿੱਲਾ ਰਵੱਈਆ ਜਾਰੀ ਰੱਖਿਆ ਤਾਂ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ।