ਦਿਲਬਾਗ ਸਿੰਘ ਗਿੱਲ
ਅਟਾਰੀ, 8 ਨਵੰਬਰ
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਅਟਾਰੀ ਸਥਿਤ ਦਾਣਾ ਮੰਡੀ ਨੇੜੇ ਪਲੇਠੀ ਰੈਲੀ ਹੋਈ ਜਿਸ ਵਿੱਚ ਸੇਵਾਮੁਕਤ ਪ੍ਰਿੰਸੀਪਲ ਸਰਦੀਪ ਸਿੰਘ ਰਾਣਾ ਨੂੰ ਸਿਰੋਪਾਓ ਦੇ ਕੇ ਵਿਧਾਨ ਸਭਾ ਹਲਕਾ ਅਟਾਰੀ ਦੀ ਅਗਵਾਈ ਸੌਂਪੀ ਗਈ। ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਰੈਲੀ ਵਿੱਚ ਪਹੁੰਚਣ ’ਤੇ ਪ੍ਰਿੰਸੀਪਲ ਸਰਦੀਪ ਸਿੰਘ ਰਾਣਾ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆ ਤੋਂ ਤੰਗ ਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦਾ ਗਠਨ ਕਰਨਾ ਪਿਆ ਹੈ ਕਿਉਂਕਿ ਉਸ ਪਾਰਟੀ ਵਿਚ ਵਰਕਰਾਂ ਨੂੰ ਅੱਖੋਂ-ਪਰੋਖੇ ਕਰਕੇ ਪਰਿਵਾਰਵਾਦ ਵੱਲ ਵੱਧ ਧਿਆਨ ਦਿੱਤਾ ਜਾ ਰਿਹਾ ਸੀ ਜੋ ਪਾਰਟੀ ਹਿੱਤ ਵਿਚ ਨਹੀਂ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਲਈ ਹੁਣ ਤੋਂ ਹੀ ਤਿਆਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਚੋਣਾਂ ਲੜੇਗੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਲਾਪਤਾ ਹੋਏ 328 ਸਰੂਪਾਂ ਦਾ ਹਿਸਾਬ ਲਵੇਗੀ। ਰੈਲੀ ਨੂੰ ਨਿਧੜਕ ਸਿੰਘ ਬਰਾੜ, ਐਡਵੋਕੇਟ ਜਸਬੀਰ ਸਿੰਘ ਘੁੰਮਣ ਤੇ ਪ੍ਰਿੰਸੀਪਲ ਸਰਦੀਪ ਸਿੰਘ ਰਾਣਾ ਨੇ ਵੀ ਸੰਬੋਧਨ ਕੀਤਾ।