ਜਸਵੰਤ ਜੱਸ
ਫਰੀਦਕੋਟ, 19 ਸਤੰਬਰ
ਕਰੋਨਾਵਾਇਰਸ ਕਾਰਨ ਇਸ ਵਾਰ ਫ਼ਰੀਦਕੋਟ ’ਚ ਬਾਬਾ ਫ਼ਰੀਦ ਆਗਮਨ ਪੁਰਬ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦਾ ਰਸਮੀ ਆਗਾਜ਼ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਟਿੱਲਾ ਬਾਬਾ ਸ਼ੇਖ ਫਰੀਦ ਵਿਖੇ ਹੋਇਆ। ਇਸ ਸਬੰਧੀ ਹੋਏ ਧਾਰਮਿਕ ਸਮਾਗਮ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ 20 ਵਿਅਕਤੀਆਂ ਤੋਂ ਵੱਧ ਇਕੱਠ ਨਹੀਂ ਕੀਤਾ ਗਿਆ।
ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਕਰੋਨਾਵਾਇਰਸ ਕਾਰਨ ਪੰਜਾਬ ਸਰਕਾਰ ਅਤੇ ਬਾਬਾ ਫਰੀਦ ਧਾਰਮਿਕ ਸੰਸਥਾਵਾਂ ਵੱਲੋਂ ਆਗਮਨ ਪੁਰਬ ਦੌਰਾਨ ਕਰਵਾਏ ਜਾਂਦੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਪਰ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਹਨ। ਆਗਮਨ ਪੁਰਬ ਦੇ ਆਰੰਭ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਐੱਸਐੱਸਪੀ ਫਰੀਦਕੋਟ ਸਵਰਨਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਹੀਪ ਇੰਦਰ ਸਿੰਘ ਸੇਵਾਦਾਰ ਬਾਬਾ ਫਰੀਦ ਸੰਸਥਾਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਰਹਿ ਕੇ ਹੀ ਬਾਬਾ ਫ਼ਰੀਦ ਜੀ ਦੀ ਬਾਣੀ ਪੜ੍ਹਨ ਅਤੇ ਪਾਠ ਕਰਨ ਤਾਂ ਕਿ ਕਰੋਨਾ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਸੁਸਾਇਟੀ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੂੰ ਦੋਸ਼ਾਲਾ ਤੇ ਸਿਰੋਪਾ ਭੇਟ ਕੀਤਾ ਗਿਆ।