ਪਟਿਆਲਾ (ਸਰਬਜੀਤ ਸਿੰਘ ਭੰਗੂ): ਜਲ ਸਰੋਤ ਵਿਭਾਗ ਦੀਆਂ ਨੌਂ ਹਜ਼ਾਰ ਦੇ ਕਰੀਬ ਅਸਾਮੀਆਂ ਖ਼ਤਮ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਦੀ ਪੂਰਤੀ ਨੂੰ ਲੈ ਕੇ ਮਨਿਸਟੀਰੀਅਲ ਸਟਾਫ਼ ਵੱਲੋਂ ਕੀਤੀ ਗਈ ਹੜਤਾਲ ਦਾ ਪ੍ਰਭਾਵ ਮੰਨਦਿਆਂ ਪੰਜਾਬ ਸਰਕਾਰ ਨੇ 27 ਅਗਸਤ ਨੂੰ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਸੱਦ ਲਈ ਹੈ। ਉਧਰ ਵਿੱਤੀ ਮੰਗਾਂ ਸਬੰਧੀ ਵਿਚਾਰ ਵਟਾਂਦਰੇ ਲਈ ਜਥੇਬੰਦੀਆਂ ਦੀ ਵਿੱਤ ਮੰਤਰੀ ਨਾਲ ਮੀਟਿੰਗ 31 ਅਗਸਤ ਨੂੰ ਮੁਕੱਰਰ ਹੋਈ ਹੈ। ਯੂਨੀਅਨ ਦੇ ਸੂਬਾਈ ਬੁਲਾਰੇ ਬਚਿੱਤਰ ਸਿੰਘ ਪਟਿਆਲਾ ਨੇ ਦੱਸਿਆ ਕਿ ‘ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ’ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਦੋਵਾਂ ਮੀਟਿੰਗਾਂ ਸਬੰਧੀ ਪੱਤਰ 26 ਅਗਸਤ ਨੂੰ ਪ੍ਰਾਪਤ ਹੋਏ ਹਨ। ਇਸ ਤਹਿਤ 27 ਨੂੰ ਜਲ ਸਰੋਤ ਵਿਭਾਗ ਦੇ ਚੀਫ਼ ਇੰਜਨੀਅਰ ਨਾਲ ਹੋਣ ਵਾਲੀ ਮੀਟਿੰਗ ’ਚ ਜਲ ਸਰੋਤ ਨਾਲ ਸਬੰਧਿਤ ਜਥੇਬੰਦੀਆਂ, ਚੌਥਾ ਦਰਜਾ ਮੁਲਾਜ਼ਮ ਜਥੇਬੰਦੀਆਂ, ਡਿਪਲੋਮਾ ਇੰਜਨੀਅਰ, ਨਹਿਰੀ ਪਟਵਾਰੀ ਆਦਿ ਦੇ ਆਗੂ ਸ਼ਿਰਕਤ ਕਰਨਗੇ। ਚੌਥਾ ਦਰਜਾ ਮੁਲਾਜ਼ਮਾਂ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਭਲਕੇ ਵੀ ਮੁਲਾਜ਼ਮਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਸਾਂਝੇ ਮੁਲਾਜ਼ਮ ਮੋਰਚੇ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ 31 ਅਗਸਤ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਵਾਲੀ ਮੀਟਿੰਗ ਵਿਚ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਸ਼ਾਮਲ ਰਹਿਣਗੇ।