ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਮੁੱਖ ਮੰਤਰੀ ਨੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯੋਜਨਾ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦਾ ਖੇਤਾਂ ’ਚ ਨਬਿੇੜੇ ਲਈ 30 ਹਜ਼ਾਰ ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐੱਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਮੁਨਾਦੀ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦਾ ਸਨਮਾਨ ਯਕੀਨੀ ਬਣਾਉਣ ਦੀ ਹਿਦਾਇਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਆਖਿਆ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਸਾੜ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਸਾਫ-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ।