ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਪਰੈਲ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਰਕਾਰ ਵਲੋਂ 24 ਅਪਰੈਲ ਨੂੰ ਪਾਣੀਪੱਤ ਵਿਚ ਕਰਵਾਇਆ ਜਾ ਰਿਹਾ ਹੈ। ਇਸ ਗੁਰਮਤਿ ਸਮਾਗਮ ਵਿਚ ਪੁੱਜਣ ਵਾਲੇ ਪਤਵੰਤਿਆਂ ਨੂੰ ਹਰਿਆਣਾ ਸਰਕਾਰ ਵਲੋਂ ਯਾਦਗਾਰ ਤੇ ਪ੍ਰਸਾਦਿ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਭੇਟ ਕੀਤਾ ਜਾਵੇਗਾ। ਸਰੋਵਰ ਦਾ ਇਹ ਜਲ ਲੈਣ ਵਾਸਤੇ ਅੱਜ ਇਥੇ ਹਰਿਆਣਾ ਦਾ ਇਕ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਹੈ। ਇਸ ਵਫ਼ਦ ਵਿਚ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ, ਸੰਸਦ ਮੈਂਬਰ ਸੰਜੈ ਭਾਟੀਆ, ਮੁਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਡਾ. ਅਮਿਤ ਅਗਰਵਾਲ ਤੇ ਹੋਰ ਸ਼ਾਮਲ ਸਨ। ਇਸ ਵਫ਼ਦ ਨੇ ਇਥੋਂ ਸਰੋਵਰ ਵਿਚੋਂ ਪਵਿੱਤਰ ਜਲ ਲਿਆ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਖੇਡ ਮੰਤਰੀ ਸੰਦੀਪ ਸਿੰਘ ਨੇ ਦੱਸਿਆ ਕਿ ਹਰਿਆਣਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸੂਬਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਹ ਸਮਾਗਮ 24 ਅਪਰੈਲ ਨੂੰ ਪਾਣੀਪਤ ਵਿਚ ਹੋਵੇਗਾ, ਜਿਸ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਤੇ ਹੋਰਨਾਂ ਨੇੜਲੇ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਸੱਦਾ ਪੱਤਰ ਭੇਜੇ ਜਾਣਗੇ। ਇਸੇ ਤਰ੍ਹਾਂ ਸੰਤ ਮਹਾਤਮਾ ਤੇ ਹੋਰ ਮਹਾਪੁਰਖ ਵੀ ਇਸ ਸਮਾਗਮ ਵਿਚ ਸ਼ਾਮਲ ਹੋਣਗੇ।