ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ/ਫਿਰੋਜ਼ਪੁਰ/ਜਲੰਧਰ, 16 ਜੁਲਾਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫਰੀਦਕੋਟ, ਫਿਰੋਜ਼ਪੁਰ ਅਤੇ ਜਲੰਧਰ ਜ਼ਿਲ੍ਹਿਆਂ ਦੀ ਫੇਰੀ ਦੌਰਾਨ ਹੜ੍ਹਾਂ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜ਼ਮੀਨੀ ਪੱਧਰ ’ਤੇ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਜ਼ਰੂਰੀ ਹਨ। ਇਸ ਦੌਰਾਨ ਸਿਹਤ ਮੰਤਰੀ ਨੇ ਫਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਆਈਐੱਮਏ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਸਿਹਤ ਮੰਤਰੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗੈਰ-ਸਰਕਾਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾ ਰਹੀ ਹੈ। ਉਨ੍ਹਾਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੈਡੀਕਲ ਸੇਵਾਵਾਂ ਤੋਂ ਇਲਾਵਾ ਰਾਸ਼ਨ ਅਤੇ ਹੋਰ ਲੋੜੀਂਦੀਆਂ ਵਸਤੂਆਂ ਮੁਹੱਈਆਂ ਕਰਵਾਉਣ ਦੀ ਵੀ ਅਪੀਲ ਕੀਤੀ। ਸਿਹਤ ਮੰਤਰੀ ਨੇ ਦੱਸਿਆ ਕਿ ਫ਼ਿਰੋਜ਼ਪੁਰ ’ਚ ਛੇਤੀ ਹੀ ਕੈਂਸਰ ਦੇ ਮਰੀਜ਼ਾਂ ਲਈ ਓਪੀਡੀ ਸ਼ੁਰੂ ਕੀਤੀ ਜਾਵੇਗੀ ਅਤੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਕੰਮ ਵੀ ਛੇਤੀ ਸ਼ੁਰੂ ਹੋਵੇਗਾ। ਇਸ ਦੌਰਾਨ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਹੁੰਚੇ ਡਾ. ਬਲਬੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਤਾਇਨਾਤ ਮੈਡੀਕਲ ਟੀਮਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪਿੰਡ ਮੰਡਾਲਾ ਛੰਨਾ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀ ਮੁਲਾਕਾਤ ਕੀਤੀ।