ਗੁਰਬਖ਼ਸ਼ਪੁਰੀ
ਤਰਨ ਤਰਨ, 24 ਅਗਸਤ
ਫਾਰਮੇਸੀ ਆਫਿਸਰਜ਼ ਐਸੋਸੀਏਸ਼ਨ ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚੋਂ ਠੇਕਾ ਆਧਾਰਿਤ ਸਟਾਫ਼ ਨੂੰ ਸਿਹਤ ਵਿਭਾਗ ’ਚ ਸ਼ਿਫਟ ਕਰਨ ਦੇ ਤਿੰਨ ਮਹੀਨਿਆਂ ਦੇ ਬਾਅਦ ਅੱਜ ਤੱਕ ਵੀ ਤਨਖਾਹਾਂ ਜਾਰੀ ਨਾ ਕਰਨ ਖ਼ਿਲਾਫ਼ ਅੱਜ ਇਥੇ ਸਿਵਲ ਸਰਜਨ ਦਫਤਰ ਦੇ ਸਾਹਮਣੇ ਰੋਸ ਵਿਖਾਵਾ ਕੀਤਾ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਾਹਿਬ ਸਿੰਘ ਦੀ ਅਗਵਾਈ ਵਿੱਚ ਕੀਤੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਮੁਲਾਜ਼ਮਾਂ ਨੂੰ ਸਾਹਿਬ ਸਿੰਘ ਤੋਂ ਇਲਾਵਾ ਅਮਨਦੀਪ ਸਿੰਘ, ਸੀਤਾ ਰਾਮ, ਨਿਮਰਤਾ, ਪੁਸ਼ਪਿੰਦਰ ਸਿੰਘ ਨੇ ਸੰਬੋਧਨ ਕੀਤਾ|
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਇਸ ਸਬੰਧੀ ਕੀਤੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਸਿਹਤ ਵਿਭਾਗ ਵਿੱਚ ਤਬਦੀਲ ਕਰਨ ਦੇ ਤਿੰਨ ਮਹੀਨੇ ਬੀਤ ਜਾਣ ’ਤੇ ਵੀ ਤਨਖਾਹਾਂ ਨਸੀਬ ਨਹੀਂ ਹੋ ਸਕੀਆਂ ਹਨ ਜਿਸ ਕਰਕੇ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ| ਉਨ੍ਹਾਂ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਦੁੱਖ ਤਕਲੀਫਾਂ ਨੂੰ ਸਮਝਦਿਆਂ ਤਨਖਾਹਾਂ ਬਿਨਾਂ ਦੇਰੀ ਦੇ ਜਾਰੀ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਦੀ ਮੰਗ ਕੀਤੀ| ਉਨ੍ਹਾਂ ਨੇ ਇਸ ਸਭ ਕੁਝ ਲਈ ਸੂਬੇ ਦੀ ਲਾਲਫ਼ੀਤਾਸ਼ਾਹੀ ਨੂੰ ਜ਼ਿੰਮੇਵਾਰ ਦੱਸਿਆ|
ਮੰਗਾਂ ਨਾ ਮੰਨੇ ਜਾਣ ਕਾਰਨ ਮਨਰੇਗਾ ਮਜ਼ਦੂਰ ਖ਼ਫਾ
ਤਰਨ ਤਾਰਨ (ਪੱਤਰ ਪ੍ਰੇਰਕ): ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਝੰਡੇ ਹੇਠ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਗੋਕਲਪੁਰ ਦੀ ਅਗਵਾਈ ਵਿੱਚ ਅੱਜ ਇਥੇ ਮੀਟਿੰਗ ਕੀਤੀ ਗਈ| ਮੀਟਿੰਗ ਨੂੰ ਜਥੇਬੰਦੀ ਦੇ ਸੂਬਾਈ ਆਗੂ ਦਲਵਿੰਦਰ ਸਿੰਘ ਪੰਨੂੰ ਨੇ ਸੰਬੋਧਨ ਕੀਤਾ| ਉਨ੍ਹਾਂ ਨੇ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਦਿਖਾਈ ਜਾ ਰਹੀ ਬੇਰੁੱਖੀ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਨੂੰ ਬੀਤੀਆਂ ਵਿਧਾਨ ਸਭਾ ਚੋਣਾਂ ਮੌਕੇ ਮਜ਼ਦੂਰ ਵਰਗਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ| ਉਨ੍ਹਾਂ ਹਰੇਕ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ, ਨਸ਼ਿਆਂ ਦਾ ਪੂਰਨ ਤੌਰ ’ਤੇ ਖਾਤਮਾ ਕਰਨ, ਸਮਾਜਿਕ ਸੁਰੱਖਿਆ ਪੈਨਸ਼ਨ ਘੱਟੋ ਘੱਟ 2,000 ਰੁਪਏ ਕੀਤੇ ਜਾਣ ਦੀ ਮੰਗ ਕੀਤੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਸਾ ਸਿੰਘ ਪੰਡੋਰੀ, ਚਰਨਜੀਤ ਸਿੰਘ ਤੇ ਬਲਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ|