ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਨਵੰਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਅੰਤ੍ਰਿੰਗ ਕਮੇਟੀ ਨੇ 27 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਟਿੰਗ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਦਾ ਪ੍ਰਬੰਧ ਪਾਕਿਸਤਾਨ ਸਰਕਾਰ ਵੱਲੋਂ ਕਿਸੇ ਪ੍ਰਾਜੈਕਟ ਮੈਨੇਜਮੈਂਟ ਕੰਪਨੀ ਨੂੰ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਊਹ ਆਪਣੇ ਫ਼ੈਸਲੇ ਤੇ ਮੁੜ ਵਿਚਾਰ ਕਰੇ। ਗੁਰਦੁਆਰਿਆਂ ਦਾ ਪ੍ਰਬੰਧ ਗੁਰਦੁਆਰਾ ਕਮੇਟੀਆਂ ਕੋਲ ਹੀ ਰਹਿਣਾ ਚਾਹੀਦਾ ਹੈ। ਇਸ ਸਬੰਧ ਵਿਚ ਪਾਕਿਸਤਾਨੀ ਸਫਾਰਤਖਾਨੇ ਨੂੰ ਅੱਜ ਇਕ ਪੱਤਰ ਵੀ ਸੌਂਪਿਆ ਜਾਵੇਗਾ। ਇਸ ਮੌਕੇ ਸ੍ਰੀ ਲੌਂਗੋਵਾਲ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਮਗਰੋਂ ਪੈਦਾ ਹੋਈ ਸਥਿਤੀ ਨੂੰ ਨਜਿੱਠਣ ਅਤੇ ਨਜ਼ਰਸਾਨੀ ਲਈ ਇਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਮੁੱਖ ਸਮਾਗਮ ਪੰਦਰਾਂ ਤੋਂ ਸਤਾਰਾਂ ਨਵੰਬਰ ਤੱਕ ਮਨਾਏ ਜਾਣਗੇ। ਇਸ ਸਬੰਧ ਵਿਚ ਅਗਲਾ ਵਰ੍ਹਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਕੀਤਾ ਜਾਏਗਾ ਅਤੇ ਸਾਰਾ ਸਾਲ ਸ਼ਤਾਬਦੀ ਸਮਾਗਮ ਕੀਤੇ ਜਾਣਗੇ।