ਦਵਿੰਦਰ ਪਾਲ
ਚੰਡੀਗੜ੍ਹ, 27 ਮਈ
ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਤਬਦੀਲੀ ਨੂੰ ਲੈ ਕੇ ਸ਼ੁਰੂ ਹੋਈ ਮੁਹਿੰਮ ਹਾਲ ਦੀ ਘੜੀ ਮੱਠੀ ਪੈ ਗਈ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਸ ਭਖਵੇਂ ਮੁੱਦੇ ਬਾਰੇ ਵਿਚਾਰ ਚਰਚਾ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਤੱਕ ਟਾਲਣ ਦਾ ਫੈਸਲਾ ਕੀਤਾ ਗਿਆ ਹੈ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਮਨੀ ਚੋਣ ਲਈ ਸੰਗਰੂਰ ਤੋਂ ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕਰਨ ’ਤੇ ਵੀ ਵਿਚਾਰ ਕੀਤਾ ਗਿਆ ਤੇ ਪੰਥਕ ਧਿਰਾਂ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ ਲਈ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਚੋਣ ਪੰਜਾਬ ਬਨਾਮ ਦਿੱਲੀ ਦਾ ਮੁਕਾਬਲਾ ਹੈ। ਪੰਜ ਮੈਂਬਰੀ ਕਮੇਟੀ ਵਿੱਚ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਇਕਬਾਲ ਸਿੰਘ ਝੂੰਦਾਂ ਤੇ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭਾਵੇਂ ਸੰਗਰੂਰ ਹਲਕੇ ਤੋਂ ਖੁਦ ਨੂੰ ਉਮੀਦਵਾਰ ਐਲਾਨ ਦਿੱਤਾ ਹੈ ਪਰ ਅਕਾਲੀ ਦਲ ਸ੍ਰੀ ਮਾਨ ਨੂੰ ਵੀ ਸਾਂਝਾ ਪੰਥਕ ਉਮੀਦਵਾਰ ਹੋਣ ਦੀ ਸੂਰਤ ਵਿੱਚ ਹਮਾਇਤ ਦੀ ਮੰਗ ਨਹੀਂ ਕਰੇਗਾ। ਇਕ ਅਕਾਲੀ ਆਗੂ ਦਾ ਇਹ ਵੀ ਕਹਿਣਾ ਹੈ ਕਿ ਸ੍ਰੀ ਮਾਨ ਨੂੰ ਅਕਾਲੀ ਦਲ ਵੱਲੋਂ ਹਮਾਇਤ ਦਿੱਤੇ ਜਾਣ ਦੀਆਂ ਸੰਭਾਵਨਵਾਂ ਘੱਟ ਹੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕੋਰ ਕਮੇਟੀ ਦੀ ਮੀਟਿੰਗ ਤਿੰਨ ਘੰਟੇ ਤੋਂ ਜ਼ਿਆਦਾ ਸਮਾਂ ਚੱਲੀ। ਮੀਟਿੰਗ ਦਾ ਮਹੱਤਵਪੂਰਨ ਪਹਿਲੂ ਇਹ ਰਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਪਾਰਟੀ ਅੰਦਰ ਉੱਠ ਰਹੀ ਲੀਡਰਸ਼ਿਪ ਤਬਦੀਲੀ ’ਤੇ ਵਿਚਾਰ ਦਾ ਮਾਮਲਾ ਲਟਕ ਗਿਆ ਹੈ। ਵਿਧਾਨ ਸਭਾ ਚੋਣਾਂ ’ਚ ਹਾਰ ਦੇ ਕਾਰਨ ਦੀ ਸਮੀਖਿਆ ਕਰਨ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਰਾਏ ਜਾਣਨ ਲਈ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤੇ ਸ੍ਰੀ ਝੂੰਦਾਂ ਨੂੰ ਅੱਜ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਸੱਦਿਆ ਗਿਆ ਸੀ। ਕਮੇਟੀ ਦੀ ਰਿਪੋਰਟ ਦੇ ਤੱਥ ਭਾਵੇਂ ਜਨਤਕ ਹੋ ਚੁੱਕੇ ਹਨ ਕਿ ਅਕਾਲੀ ਦਲ ਦੇ ਵਰਕਰ ਪਾਰਟੀ ਲੀਡਰਸ਼ਿਪ ਦੀ ਕਾਰਜਪ੍ਰਣਾਲੀ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਤੋਂ ਔਖੇ ਹਨ। ਇਸ ਕਰਕੇ ਲੀਡਰਸ਼ਿਪ ਵਿੱਚ ਤਬਦੀਲੀ ਦੀ ਮੰਗ ਉੱਠ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਜੇ ਕਮੇਟੀ ਦੀ ਰਿਪੋਰਟ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ ਕੇ ਲੀਡਰਸ਼ਿਪ ਤਬਦੀਲੀ ਸਬੰਧੀ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਦਾ ਸਿੱਧਾ ਅਸਰ ਸੰਗਰੂਰ ਦੀ ਜ਼ਿਮਨੀ ਚੋਣ ’ਤੇ ਪਵੇਗਾ। ਕੋਰ ਕਮੇਟੀ ਦੇ ਇੱਕ ਸੀਨੀਅਰ ਮੈਂਬਰ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣ ਨੂੰ ਮੁੱਖ ਰਖਦਿਆਂ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਚਰਚਾ ਕਰਨ ਤੋਂ ਗੁਰੇਜ਼ ਕੀਤਾ ਗਿਆ ਹੈ।