ਸੰਤੋਖ ਗਿੱਲ
ਰਾਏਕੋਟ, 25 ਸਤੰਬਰ
ਐੱਸ.ਐੱਸ ਜੈਨ ਸਭਾ ਰਾਏਕੋਟ ਵੱਲੋਂ ਸਥਾਨਕ ਸਵਾਮੀ ਗੰਗਾ ਗਿਰੀ ਸੀਨੀਅਰ ਸੈਕੰਡਰੀ ਸਕੂਲ ਵਿੱੱਚ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੂਬਾ ਸਰਕਾਰ ਦੇ ਪ੍ਰਤੀਨਿਧ ਵਜੋਂ ਸ਼ਾਮਲ ਹੋਏ ਜਦਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਸ਼ਿਰਕਤ ਕੀਤੀ।
ਸ੍ਰੀ ਚੀਮਾ ਨੇ ਕਿਹਾ ਕਿ ਅਜਿਹੇ ਸੰਮੇਲਨ ਨੌਜਵਾਨ ਪੀੜ੍ਹੀ ਨੂੰ ਧਰਮ ਨਾਲ ਜੋੜਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੀ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਕੇਂਦਰੀ ਰਾਜ ਮੰਤਰੀ ਨੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਣ ਲਈ ਜੈਨ ਧਰਮ ਦੇ ਪ੍ਰਮੁੱਖ ਸੰਤਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਜੈਨ ਧਰਮ ਦੇ ਪ੍ਰਮੁੱਖ ਸੰਤ ਅਚਾਰੀਆ ਆਤਮਾ ਰਾਮ ਤੇ ਮਨੋਹਰ ਮੁਨੀ ਦੀ ਜਨਮ ਜੈਅੰਤੀ ਮੌਕੇ ਕਰਵਾਏ ਗਏ ਇਸ ਸਮਾਗਮ ਨੂੰ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ, ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੇ ਸਿੰਘ, ਦਸਮੇਸ਼ ਤਰਨਾ ਦਲ ਦੇ ਮੁਖੀ ਮੇਜਰ ਸਿੰਘ ਸੋਢੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਣੇ ਹੋਰਨਾਂ ਸੰਪਰਦਾਵਾਂ ਦੇ ਪ੍ਰਮੁੱਖ ਸੰਤਾਂ ਨੇ ਵੀ ਸੰਮੇਲਨ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਜਾਤਾਂ, ਫ਼ਿਰਕਿਆਂ ਅਤੇ ਕਬੀਲਿਆਂ ਦਾ ਇੱਕ ਵਿਲੱਖਣ ਗੁਲਦਸਤਾ ਹੈ ਤੇ ਇਸ ਅਨੇਕਤਾ ਵਿੱਚਲੀ ਏਕਤਾ ਹੀ ਭਾਰਤ ਦੀ ਅਸਲ ਸ਼ਾਨ ਹੈ।
ਅਨੁਸੂਚਿਤ ਜਾਤਾਂ ਅਤੇ ਕਬੀਲਿਆਂ ਬਾਰੇ ਕੌਮੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਲੋਕ ਜੈਨ, ਸਿਵਲ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਦੇ ਅਨੇਕਾਂ ਉੱਚ ਅਧਿਕਾਰੀ ਵੀ ਸਰਬ ਧਰਮ ਸੰਮੇਲਨ ਵਿੱਚ ਸ਼ਾਮਲ ਹੋਏ।