ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਸਤੰਬਰ
ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ‘ਸਿਟਕੋ’ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਅੱਜ ਉਸ ਵੇਲੇ ਹੋਰ ਵਧ ਗਈਆਂ ਜਦ ਹਾਈ ਕੋਰਟ ਦੇ ਇਕ ਵਿਸ਼ੇਸ਼ ਜੱਜ ਨੇ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਤੋਂ ਪੱਲਾ ਝਾੜ ਲਿਆ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ ਅਤੇ ਸੁਣਵਾਈ ਲਈ ਇਹ ਕੇਸ ਹਾਈ ਕੋਰਟ ਦੇ ਜਸਟਿਸ ਸੁਬੀਰ ਸਹਿਗਲ ਦੀ ਅਦਾਲਤ ਵਿੱਚ ਲੱਗਿਆ ਸੀ ਪਰ ਅੱਜ ਅਚਾਨਕ ਜੱਜ ਨੇ ਸੈਣੀ ਕੇਸ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਅਗਾਊਂ ਜ਼ਮਾਨਤ ਬਾਰੇ ਕੇਸ ਫਾਈਲ ਅਗਲੀ ਕਾਰਵਾਈ ਲਈ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਭੇਜ ਦਿੱਤੀ ਗਈ ਹੈ। ਵੇਰਵਿਆਂ ਮੁਤਾਬਕ ਸੋਮਵਾਰ ਨੂੰ ਦੂਜੇ ਬੈਂਚ ਕੋਲ ਸੁਣਵਾਈ ਤਬਦੀਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਹਾਈ ਕੋਰਟ ਦੇ ਇਕ ਜੱਜ ਨੇ ਸੈਣੀ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਬਾਰੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਸਾਬਕਾ ਡੀਜੀਪੀ ਸੈਣੀ ਨੇ ਮੁਹਾਲੀ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਕ ਕੇਸ ਨੂੰ ਫੌਰੀ ਰੱਦ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਮੰਗ ਕੀਤੀ ਕਿ ਸੈਣੀ ਖ਼ਿਲਾਫ਼ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਤਹਿਤ ਵੱਖਰਾ ਕੇਸ ਦਰਜ ਕੀਤਾ ਜਾਵੇ ਤੇ ਸਾਬਕਾ ਡੀਜੀਪੀ ਨੂੰ ਭਗੌੜਾ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੈਣੀ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਹ ਹੁਣ ਪੁਲੀਸ ਜਾਂਚ ਦਾ ਸਾਹਮਣਾ ਕਰਨ ਦੀ ਬਜਾਏ ਲੁਕਦਾ ਕਿਉਂ ਫਿਰ ਰਿਹਾ ਹੈ।
ਸੁਰੱਖਿਆ ਛੱਡ ਕੇ ਰੂਪੋਸ਼ ਹੋਏ ਸੁਮੇਧ ਸੈਣੀ, ਪੁਲੀਸ ਵੱਲੋਂ ਛਾਪੇ
ਵੇਰਵਿਆਂ ਮੁਤਾਬਕ ਸੁਮੇਧ ਸੈਣੀ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਜ਼ੈੱਡ ਪਲੱਸ ਸੁਰੱਖਿਆ ਛੱਡ ਕੇ ਅਚਾਨਕ ਰੂਪੋਸ਼ ਹੋ ਗਏ ਹਨ। ਇਸ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਮੁਹਾਲੀ ਪੁਲੀਸ ਦੀਆਂ ਟੀਮਾਂ ਵੱਲੋਂ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਇਸ ਬਾਰੇ ਕੋਈ ਅਧਿਕਾਰੀ ਜਾਣਕਾਰੀ ਦੇਣ ਲਈ ਤਿਆਰ ਨਹੀਂ ਹੈ। ਇਕ ਅਧਿਕਾਰੀ ਨੇ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਵੀਰਵਾਰ ਅਤੇ ਅੱਜ ਪੁਲੀਸ ਦੀਆਂ 7-8 ਟੀਮਾਂ ਵੱਲੋਂ ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਜੰਮੂ-ਕਸ਼ਮੀਰ ਸਮੇਤ ਸਮੁੱਚੇ ਉੱਤਰ ਭਾਰਤ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਗਏ ਹਨ, ਪਰ ਹੁਣ ਤੱਕ ਸੈਣੀ ਦੀ ਮੌਜੂਦਗੀ ਬਾਰੇ ਪੁਲੀਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਸਾਬਕਾ ਡੀਜੀਪੀ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਹੈ। ਪੁਲੀਸ ਸੈਣੀ ਦੀ ਪੈੜ ਨੱਪਣ ਲਈ ਲਗਾਤਾਰ ਫੋਨ ਲੋਕੇਸ਼ਨ ਦਾ ਪਿੱਛਾ ਕਰ ਰਹੀ ਹੈ।