ਮੁੱਖ ਅੰਸ਼
- ਕੰਡੇਲਾ ਖਾਪ ਨੇ ਜੀਂਦ ’ਚ 3 ਫਰਵਰੀ ਨੂੰ ਮਹਾਪੰਚਾਇਤ ਸੱਦੀ
- ਰਾਕੇਸ਼ ਟਿਕੈਤ ਸਣੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਲੈਣਗੇ ਹਿੱਸਾ
- ਖੇਤੀ ਕਾਨੂੰਨ ਰੱਦ ਹੋਣ ਤੱਕ ਡਟੇ ਰਹਿਣ ਦਾ ਦਿੱਤਾ ਸੱਦਾ
ਆਤਿਸ਼ ਗੁਪਤਾ
ਚੰਡੀਗੜ੍ਹ, 31 ਜਨਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਣ ਲਈ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਵੀ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਵੱਲ ਵਹੀਰਾਂ ਘੱਤ ਦਿੱਤੀਆਂ ਹਨ। ਅੱਜ ਸੂਬੇ ਤੋਂ ਹਜ਼ਾਰਾਂ ਗੱਡੀਆਂ ਦਾ ਕਾਫ਼ਲਾ ਸਿੰਘੂ ਅਤੇ ਟਿਕਰੀ ਬਾਰਡਰ ਵੱਲ ਰਵਾਨਾ ਹੋਇਆ ਹੈ। ਕਿਸਾਨੀ ਘੋਲ ਨੂੰ ਮਜ਼ਬੂਤ ਕਰਨ ਲਈ ਖਾਪ ਪੰਚਾਇਤਾਂ ਨੇ ਪਿੰਡ ਪੱਧਰ ’ਤੇ ਕਮੇਟੀਆਂ ਬਣਾ ਦਿੱਤੀਆਂ ਹਨ ਜਿਨ੍ਹਾਂ ਵੱਲੋਂ ਰੋਜ਼ਾਨਾ ਸੈਂਕੜੇ ਵਾਹਨ ਦਿੱਲੀ ਵੱਲ ਰਵਾਨਾ ਕੀਤੇ ਜਾਣਗੇ।
ਹਰਿਆਣਾ ਦੀਆਂ ਖਾਪਾਂ ਵੱਲੋਂ ਸਾਂਝੇ ਤੌਰ ’ਤੇ ਮੀਟਿੰਗ ਤੋਂ ਬਾਅਦ ਆਪੋ-ਆਪਣੇ ਇਲਾਕਿਆਂ ਵਿੱਚ ਮਹਾਪੰਚਾਇਤਾਂ ਸੱਦੀਆਂ ਜਾ ਰਹੀਆਂ ਹਨ ਅਤੇ ਕਿਸਾਨੀ ਸੰਘਰਸ਼ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਰਵ ਜਾਤੀ ਕੰਡੇਲਾ ਖਾਪ ਨੇ 3 ਫਰਵਰੀ ਨੂੰ ਜੀਂਦ ਵਿੱਚ ਮਹਾਪੰਚਾਇਤ ਸੱਦੀ ਹੈ। ਇਸ ਵਿੱਚ ਕਿਸਾਨੀ ਸੰਘਰਸ਼ ਨੂੰ ਮੁੜ ਮਜ਼ਬੂਤੀ ਪ੍ਰਦਾਨ ਕਰਨ ਵਾਲੇ ਰਾਕੇਸ਼ ਟਿਕੈਤ ਸਣੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਵੀ ਪਹੁੰਚਣਗੇ। ਕੰਡੇਲਾ ਖਾਪ ਦੇ ਪ੍ਰਧਾਨ ਟੇਕਰਾਮ ਕੰਡੇਲਾ ਨੇ ਦੱਸਿਆ ਕਿ ਮਹਾਪੰਚਾਇਤ ਵਿੱਚ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੰਡੇਲਾ ਖਾਪ ਵੱਲੋਂ ਪਹਿਲੇ ਦਿਨ ਤੋਂ ਟਿਕਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ’ਤੇ ਯਕੀਨਨ ਖ਼ਰੀਦ ਵਾਲਾ ਕਾਨੂੰਨ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ। ਕੰਡੇਲਾ ਖਾਪ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਅਤੇ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਦੀ ਅਗਵਾਈ ਹੇਠ ਹਜ਼ਾਰਾਂ ਵਾਹਨਾਂ ਦਾ ਕਾਫ਼ਲਾ ਕੌਮੀ ਰਾਜਧਾਨੀ ਵੱਲ ਰਵਾਨਾ ਕੀਤਾ ਗਿਆ। ਸ੍ਰੀ ਸਾਂਗਵਾਨ ਸਿੰਘੂ ਬਾਰਡਰ ’ਤੇ ਵੀ ਗਏ ਜਿੱਥੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਵਤੀਰੇ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਪੰਜਾਬ ਨੇ ਕੀਤੀ ਸੀ ਪਰ ਹੁਣ ਹਰਿਆਣਾ ਵੀ ਪਿੱਛੇ ਨਹੀਂ ਹਟੇਗਾ ਅਤੇ ਸੰਘਰਸ਼ ਦੇ ਅਖੀਰ ਤੱਕ ਹਰਿਆਣਾ ਦਾ ਹਰ ਜੀਅ ਕਿਸਾਨ ਸੰਘਰਸ਼ ਵਿੱਚ ਡਟਿਆ ਰਹੇਗਾ।
ਸਾਬਕਾ ਵਿਧਾਇਕ ਨੇ ਭਾਜਪਾ ਤੋਂ ਅਸਤੀਫ਼ਾ ਦਿੱਤਾ
ਕਿਸਾਨਾਂ ਦੀ ਹਮਾਇਤ ’ਚ ਨਿੱਤਰੇ ਸਾਬਕਾ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਨੇ ਫਤਿਆਬਾਦ ’ਚ ਹੋਈ ਮਹਾਪੰਚਾਇਤ ਦੌਰਾਨ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੀ ਕਾਰ ਤੋਂ ਭਾਜਪਾ ਦਾ ਝੰਡਾ ਉਤਾਰ ਕੇ ਕਿਸਾਨੀ ਸੰਘਰਸ਼ ਦਾ ਝੰਡਾ ਲਗਾ ਲਿਆ ਹੈ। ਉਨ੍ਹਾਂ ਕਿਹਾ,‘‘ਜਦੋਂ ਕਿਸਾਨਾਂ ਲਈ ਲਿਆਂਦੇ ਕਾਨੂੰਨ ਉਨ੍ਹਾਂ ਨੂੰ ਸਵੀਕਾਰ ਨਹੀਂ ਹਨ ਤਾਂ ਕੇਂਦਰ ਸਰਕਾਰ ਨੂੰ ਇਹ ਰੱਦ ਕਰ ਦੇਣੇ ਚਾਹੀਦੇ ਹਨ।’’ ਕਿਸਾਨੀ ਸੰਘਰਸ਼ ਪ੍ਰਤੀ ਕੇਂਦਰ ਦੇ ਅੜੀਅਲ ਵਤੀਰੇ ਨੂੰ ਵੇਖਦਿਆਂ ਉਨ੍ਹਾਂ ਭਾਜਪਾ ਤੋਂ ਅਸਤੀਫ਼ਾ ਦਿੱਤਾ ਹੈ।