ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਕਤੂਬਰ
ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਦੇ ਨੇੜੇ ਰੋਸ ਵਿਖਾਵਾ ਕੀਤਾ। ਅੱਜ ਦੁਪਹਿਰ ਵੇਲੇ ਲੋਕ ਇਨਸਾਫ ਪਾਰਟੀ ਦੇ ਕਾਰਕੁਨ ਗੋਲ ਬਾਗ ਵਿੱਚ ਇਕੱਠੇ ਹੋਏ ਅਤੇ ਮਗਰੋਂ ਮਾਰਚ ਕਰਦੇ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਨੇੜੇ ਪੁੱਜ ਕੇ ਰੋਸ ਧਰਨਾ ਦਿੱਤਾ ਗਿਆ। ਸ੍ਰੀ ਬੈਂਸ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਐੱਨਡੀਏ ’ਚੋਂ ਬਾਹਰ ਹੋਣ ਮਗਰੋਂ ਹੁਣ ਭਾਜਪਾ ਹੀ ਪੰਜਾਬ ਦੀ ਅਗਵਾਈ ਕਰ ਰਹੀ ਹੈ। ਇਸ ਲਈ ਅੱਜ ਉਨ੍ਹਾਂ ਦੀ ਜ਼ਮੀਰ ਨੂੰ ਹਲੂਣਾ ਦੇਣ ਲਈ ਇਹ ਪ੍ਰੋਗਰਾਮ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੁੱਘ ਖ਼ੁਦ ਵੀ ਪੰਜਾਬੀ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਦਰਦ ਨੂੰ ਸਮਝਣਾ ਚਾਹੀਦਾ ਹੈ। ਇਹ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਇਸ ਨਾਲ ਕਿਸਾਨਾਂ ਤੋਂ ਇਲਾਵਾ ਛੋਟੇ ਕਾਰੋਬਾਰੀ ਵੀ ਪ੍ਰਭਾਵਿਤ ਹੋਣਗੇ। ਉਨ੍ਹਾਂ ਆਖਿਆ ਕਿ ਇੱਕ ਪਾਸੇ ਮੋਦੀ ਸਰਕਾਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਗੱਲਬਾਤ ’ਚ ਸ਼ਾਮਲ ਹੋਣ ਦੇ ਇੱਛੁਕ ਕਿਸਾਨ ਆਗੂ ਕੇਂਦਰ ਸਰਕਾਰ ਦੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਨੂੰ ਸਮਝਣ। ਇਸ ਮੌਕੇ ਸ੍ਰੀ ਚੁੱਘ ਦੇ ਘਰ ਦੇ ਆਲੇ ਦੁਆਲੇ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਕਾਰਕੁਨ ਤਰੁਣ ਚੁੱਘ ਨੂੰ ਘੇਰ ਚੁੱਕੇ ਹਨ।