ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਅਗਸਤ
ਉੱਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਦੇ ਇੱਕ ਪਿੰਡ ਦੇ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਜਨਮ ਅਸ਼ਟਮੀ ਵਾਲੇ ਦਿਨ ਇਕ ਕੁੜੀ ਦੇ ਨੱਚਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਦਾ ਸਖ਼ਤ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਜਾਂਚ ਕਰਨ ਲਈ ਕਿਹਾ ਗਿਆ ਹੈ। ਸ਼ਿਕਾਇਤ ਮਿਲਣ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਉੱਤਰਾਖੰਡ ਦੇ ਇੱਕ ਗੁਰਦੁਆਰੇ ਵਿੱਚ ਅਜਿਹੀ ਘਟਨਾ ਵਾਪਰ ਚੁੱਕੀ ਹੈ।