ਜੋਗਿੰਦਰ ਸਿੰਘ ਮਾਨ
ਮਾਨਸਾ, 17 ਨਵੰਬਰ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੁਢਲਾਡਾ ’ਚ ਤਾਇਨਾਤ ਬੀਡੀਪੀਓ ਮੇਜਰ ਸਿੰਘ ਨੂੰ ਮੁਅੱਤਲ ਕਰਨ ਦਾ ਮਾਮਲਾ ਭਖ ਗਿਆ ਹੈ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਨੂੰ ਬਾਕਾਇਦਾ ਪੱਤਰ ਲਿਖਿਆ ਹੈ। ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਇਲਾਕੇ ਦੇ 43 ਪਿੰਡਾਂ ਦੇ ਪ੍ਰਾਇਮਰੀ ਸਕੂਲਾਂ ’ਚ ਗੈਰ-ਮਿਆਰੀ ਆਰਓ ਲਗਾਉਣ ਦੇ ਮਾਮਲੇ ਦੀ ਪੜਤਾਲ ਤੋਂ ਬਾਅਦ ਮੁਅੱਤਲ ਕਰਨ ਦੇ ਆਦੇਸ਼ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ। ਅਧਿਕਾਰੀ ਨੇ ਆਪਣੇ ਆਦੇਸ਼ਾਂ ਵਿੱਚ ਕਿਹਾ ਕਿ ਬੀਡੀਪੀਓ ਬੁਢਲਾਡਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕੀਤਾ ਜਾਂਦਾ ਹੈ ਅਤੇ ਉਸ ਦਾ ਹੈੱਡਕੁਆਰਟਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਾਨਸਾ ਵਿੱਚ ਹੋਵੇਗਾ। ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਬਲਾਕ ਸਮਿਤੀ ਚੇਅਰਮੈਨ ਅਤੇ ਬੀਡੀਪੀਓ ਬੁਢਲਾਡਾ ਵੱਲੋਂ ਆਰਓ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਖਰੀਦ ਕਰਨ ਸਬੰਧੀ ਕੇਸ ਦੀ ਪੜਤਾਲ ਵਿਜੀਲੈਂਸ ਨੂੰ ਦੇਣ ਲਈ ਸਿਫਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਵਿਜੀਲੈਂਸ ਵਿਭਾਗ ਤੋਂ ਕਰਵਾਉਣ ਲਈ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਤਾਂ ਜੋ ਪੰਜਾਬ ਸਰਕਾਰ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਭ੍ਰਿਸ਼ਟਾਚਾਰ ਨੂੰ ਪ੍ਰਫੁੱਲਤ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋ ਸਕੇ। ਦੂਜੇ ਪਾਸੇ, ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਬੀਡੀਪੀਓ ਬੁਢਲਾਡਾ ਦਾ ਚਾਰਜ ਬੀਡੀਪੀਓ ਝੁਨੀਰ ਨੂੰ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਹਨ।