ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵੇਂ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸਕੱਤਰ ਜਰਨਲ ਸਰਬਜੋਤ ਸਿੰਘ ਸਾਬੀ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਕੀਤਾ। ਇਨ੍ਹਾਂ ਦੋਵਾਂ ਨਵ-ਨਿਯੁਕਤ ਯੂਥ ਅਕਾਲੀ ਆਗੂਆਂ ਨੂੰ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਜੋਧ ਸਿੰਘ ਸਮਰਾ, ਸਕੱਤਰ ਮਹਿੰਦਰ ਸਿੰਘ ਆਹਲੀ ਤੇ ਹੋਰਨਾਂ ਵਲੋਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਰੋਮਾਣਾ ਨੇ ਇਸ ਨਿਯੁਕਤੀ ਲਈ ਜਿਥੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ, ਉਥੇ ਪਾਰਟੀ ਪ੍ਰਧਾਨ ਤੇ ਸਰਪ੍ਰਸਤ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਥ ਵਿੰਗ ਪਾਰਟੀ ਲਈ ਪ੍ਰਚਾਰ ਕਰਨ ਦੇ ਨਾਲ ਹੀ ਕਾਂਗਰਸ ਦੀਆਂ ਨਾਕਾਮੀਆਂ ਨੂੰ ਵੀ ਜਨਤਕ ਕਰੇਗਾ।