ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 8 ਅਕਤੂਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਲਈ ਧੂਰੀ-ਲੁਧਿਆਣਾ ਮਾਰਗ ’ਤੇ ਆਵਾਜਾਈ ਠੱਪ ਕਰਨ ਲਈ ਬੱਬਨਪੁਰ ਨਹਿਰ ਦੇ ਪੁਲ ’ਤੇ ਲਾਇਆ ਗਿਆ ਧਰਨਾ ਜਿੱਥੇ ਅੱਜ ਦੂਜੇ ਦਿਨ ਵੀ ਜਾਰੀ ਰੱਖਿਆ ਗਿਆ, ਉੱਥੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਲਈ ਸਥਾਨਕ ਕੱਕੜਵਾਲ ਚੌਕ ’ਚ ਸੰਕੇਤਕ ਧਰਨਾ ਦਿੰਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂ ਅਤੇ ਰਮਨਦੀਪ ਕੌਰ ਮਾਨ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਜਥੇਬੰਦੀ ਵੱਲੋਂ ਬੱਬਨਪੁਰ ਨਹਿਰ ਦੇ ਪੁਲ ’ਤੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਜਾਂ ਪ੍ਰਸ਼ਾਸਨ ਵੱਲੋਂ ਜਥੇਬੰਦੀ ਨੂੰ ਗੱਲਬਾਤ ਲਈ ਸਮਾਂ ਦੇਣ ਲਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਜਿਸ ਕਾਰਨ ਕੱਚੇ ਮੁਲਾਜ਼ਮਾਂ ਦੀ ਆਵਾਜ਼ ਸਰਕਾਰ ਦੇ ਕੰਨੀ ਪਾਉਣ ਲਈ ਉਨ੍ਹਾਂ ਨੂੰ ਪਰਿਵਾਰਾਂ ਸਮੇਤ ਸੜਕਾਂ ’ਤੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਨਿੱਜੀਕਰਨ ਤੇ ਠੇਕਾ ਸਿਸਟਮ ਬੰਦ ਕਰਨ, ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਜ਼ਮਾਂ ਨੂੰ ਰੈਗੂਲਰ ਕਰਨ, ਜਨਤਕ ਵੰਡ ਪ੍ਰਣਾਲੀ ਜਾਰੀ ਰੱਖਣ, ਸਸਤੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਜਿੰਨੀ ਦੇਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਠੇਕਾ ਤੇ ਆਊਟਸੋਰਸਡ ਕਾਮਿਆਂ ਨੂੰ ਰੈਗੂਲਰ ਕਰਨ ਦਾ ਐਲਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਜੰਗਲਾਤ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੋਸ ਰੈਲੀ
ਪਠਾਨਕੋਟ (ਪੱਤਰ ਪ੍ਰੇਰਕ): ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਫ਼ਤਰ (ਜਸਵਾਲੀ ਰੈਸਟ ਹਾਊਸ) ਅੱਗੇ ਅੱਜ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਜੰਗਲਾਤ ਮੰਤਰੀ ਨੇ ਧਰਨੇ ਵਿੱਚ ਆ ਕੇ ਮੰਗ ਪੱਤਰ ਲਿਆ ਅਤੇ 15 ਦਿਨ ਬਾਅਦ ਚੰਡੀਗੜ੍ਹ ਵਿੱਚ ਪੈਨਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਯੋਧਾਨਗਰੀ ਅਤੇ ਜਨਰਲ ਸਕੱਤਰ ਬਲਵੀਰ ਸਿਵੀਆ ਨੇ ਕਿਹਾ ਕਿ ਜੰਗਲਾਤ ਮੰਤਰੀ ਨੇ 27 ਜੁਲਾਈ ਨੂੰ ਜਥੇਬੰਦੀ ਨਾਲ ਮੀਟਿੰਗ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨੀਤੀ ਲਿਆਉਣ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਹਰਿੰਦਰ ਸਿੰਘ ਐਮਾਂ, ਹਰਜੀਤ ਕੌਰ ਸਮਰਾਲਾ, ਬਲਵੀਰ ਸਿੰਘ ਗਿੱਲਾਂਵਾਲਾ ਤੇ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਸਰਕਾਰ ਵੱਲੋਂ ਨੌਕਰੀ ਪੱਕੀ ਕਰਨੀ ਤਾਂ ਦੂਰ ਸਗੋਂ ਜੰਗਲਾਤ ਮੁਲਾਜ਼ਮਾਂ ਨੂੰ ਤਨਖਾਹ ਵੀ ਛੇ ਮਹੀਨੇ ਬਾਅਦ ਨਸੀਬ ਹੋਈ ਹੈ।