ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 16 ਮਈ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਥੋਂ ਦੇ ਫੇਜ਼ ਅੱਠ ਵਿੱਚ ਸਥਿਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਵਿਭਾਗ ’ਚ ਨਵ-ਨਿਯੁਕਤ 19 ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਬੋਲਦਿਆਂ ਉਨ੍ਹਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਆਪਣੀ ਜ਼ਿੰਦਗੀ ਵਿੱਚ ਕੋਈ ਨਾ ਕੋਈ ਟੀਚਾ ਜ਼ਰੂਰ ਮਿਥਣਾ ਚਾਹੀਦਾ ਹੈ ਅਤੇ ਟੀਚਾ ਪ੍ਰਾਪਤ ਹੋਣ ਤੱਕ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਸਖ਼ਤ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣੇ ਵਿਭਾਗ ਅਤੇ ਪੰਜਾਬ ਲਈ ਕਾਰਜਸ਼ੀਲ ਹੋਣ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਦਿਆਂ ਦੂਜੇ ਮਹੀਨੇ ਹੀ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਦੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਸਰਕਾਰੀ ਨੌਕਰੀਆਂ ਲਈ ਹੋਰ ਵੱਡੇ ਪੱਧਰ ’ਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੀ ਕਬਜ਼ੇ ਛੁਡਾਊ ਮੁਹਿੰਮ ਨੂੰ ਸਫ਼ਲ ਦੱਸਦਿਆਂ ਕਿਹਾ ਕਿ ਕਾਬਜ਼ਕਾਰ ਹੁਣ ਖ਼ੁਦ ਹੀ ਕਬਜ਼ੇ ਛੱਡ ਰਹੇ ਹਨ। ਉਨ੍ਹਾਂ ਗ੍ਰਾਮ ਸਭਾਵਾਂ ਦੇ ਇਜਲਾਸਾਂ ਨੂੰ ਇਤਿਹਾਸਕ ਫ਼ੈਸਲਾ ਦੱਸਿਆ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਜੇਡੀਸੀ ਅਮਿਤ ਕੁਮਾਰ ਸਮੇਤ ਸਮੁੱਚੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।