ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 14 ਜੁਲਾਈ
27 ਜੂਨ ਨੂੰ ਯੁਵਰਾਜ ਇੰਪੈਕਸ ਫਰਮ, ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀ ਪਰਮਿੰਦਰ ਸਿੰਘ ਦੀਆ ਅੱਖਾਂ ਵਿੱਚ ਮਿਰਚਾਂ ਪਾ ਕੇ ਤੇ ਗੋਲੀ ਮਾਰ ਕੇ ਜਖ਼ਮੀ ਕਰਨ ਉਪਰੰਤ 8.90 ਲੱਖ ਰੁਪਏ ਲੁੱਟ ਕੇ ਮੋਟਰਸਾਈਕਲ ’ਤੇ ਫ਼ਰਾਰ ਹੋਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਲੁੱਟੀ ਹੋਈ ਰਕਮ ’ਚੋਂ 8.20 ਲੱਖ ਰੁਪਏ, ਰਿਵਾਲਰ ਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਜਗਮੇਲ ਸਿੰਘ ਉਰਫ਼ ਬੱਬੂ ਵਾਸੀ ਪਿੰਡ ਅਕੌਤ ਜ਼ਿਲ੍ਹਾ ਪਟਿਆਲਾ, ਬਿਕਰਮਜੀਤ ਸਿੰਘ ਉਰਫ਼ ਗੋਗੀ ਵਾਸੀ ਪਿੰਡ ਅਸਮਾਨਪੁਰ ਜ਼ਿਲ੍ਹਾ ਪਟਿਆਲਾ ਅਤੇ ਅਮਰੀਕ ਸਿੰਘ ਵਾਸੀ ਪਿੰਡ ਬਹਿਲ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਹ ਜਾਣਕਾਰੀ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਪੁਲੀਸ ਨੇ ਮੁਲਜ਼ਮਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਰਵਜੋਤ ਗਰੇਵਾਲ ਦੀ ਨਿਗਰਾਨੀ ਹੇਠ ਐਂਟੀ-ਨਾਰਕੋਟਿਕਸ-ਕਮ- ਸਪੈਸ਼ਲ ਅਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਵੱਲੋਂ ਸਬ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਉਕਤ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇੇ ਵਾਰਦਾਤ ਵਿੱਚ ਵਰਤਿਆ 32 ਬੋਰ ਦਾ ਰਿਵਾਲਵਰ, ਅੱਠ ਕਾਰਤੂਸ ਅਤੇ 8.20 ਲੱਖ ਰੁਪਏ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ 27 ਜੂਨ ਨੂੰ ਮੁਲਜ਼ਮਾਂ ਨੇ ਦਫ਼ਤਰ ’ਚ ਵੜ ਕੇ ਉਸ ਦੀ ਛਾਤੀ ’ਤੇ ਰਿਵਾਲਵਰ ਲਗਾ ਦਿੱਤੀ ਤੇ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਤੇ ਉਸ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਭੱਜਣ ਲੱਗੇ। ਉਸ ਵੱਲੋਂ ਵਿਰੋਧ ਕੀਤੇ ਜਾਣ ’ਤੇ ਉਨ੍ਹਾਂ ਨੇ ਉਸ ਨੂੰ ਗੋਲੀ ਮਾਰ ਕੇ ਪੈਸਿਆਂ ਵਾਲਾ ਬੈਗ ਖੋਹ ਲਿਆ ਅਤੇ ਮੋਟਰਸਾਈਕਲ ’ਤੇ ਫਰਾਰ ਹੋ ਗਏ।
ਡੀਆਈਜੀ ਸ੍ਰੀ ਭੁੱਲਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਲੋਹ ਦੀ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਅਮਰੀਕ ਸਿੰਘ ਨੇ ਇਸ ਫਰਮ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ।