ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 16 ਅਪਰੈਲ
ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉੱਚ ਪੱਧਰੀ ਮੀਟਿੰਗ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਦੀ ਪ੍ਰਧਾਨਗੀ ਹੇਠ ਇੱਥੇ ਵਿਰਾਸਤ-ਏ-ਖਾਲਸਾ ਵਿੱਚ ਹੋਈ, ਜਿੱਥੇ ਉਨ੍ਹਾਂ ਨੇ ਅਧਿਕਾਰੀਆਂ ਤੋਂ ਤਿਆਰੀਆਂ ਬਾਰੇ ਜਾਣਕਾਰੀ ਲਈ ਤੇ ਸਮਾਗਮ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ।
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੇ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਵੀ ਰੌਸ਼ਨੀਆਂ ਨਾਲ ਕਰਕੇ ਜਗਮਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਤਿੰਨ ਦਿਨ 29, 30 ਅਪਰੈਲ ਅਤੇ 1 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣਗੇ। 29 ਅਪਰੈਲ ਨੂੰ ਧਾਰਮਿਕ ਪ੍ਰੋਗਰਾਮ ਸ਼ੁਰੂ ਹੋਣਗੇ ਅਤੇ ਇਸੇ ਦਿਨ ਭਾਸ਼ਾ ਵਿਭਾਗ ਵੱਲੋਂ ਲਿਟਰੇਚਰ ਫੈਸਟੀਵਲ ਕਰਵਾਇਆ ਜਾਵੇਗਾ। ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਿਤ ਤਿੰਨ ਰੋਜ਼ਾ ਪ੍ਰਦਰਸ਼ਨੀ ਵਿਰਾਸਤ-ਏ-ਖਾਲਸਾ ਵਿੱਚ ਲਗਾਈ ਜਾਵੇਗੀ। ਚਰਨ ਗੰਗਾ ਸਟੇਡੀਅਮ ’ਚ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਤਿੰਨੋਂ ਦਿਨ ਹੀ ਵਿਰਾਸਤ-ਏ-ਖਾਲਸਾ ਵਿੱਚ ਨੌਵੇਂ ਪਾਤਸ਼ਾਹ ਦੇ ਜੀਵਨ ’ਤੇ ਅਧਾਰਿਤ ‘ਰੌਸ਼ਨੀ ਤੇ ਆਵਾਜ਼’ ਸ਼ੋਅ ਹੋਣਗੇ।
ਵਧੀਕ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਤੇ ਸੰਗਤਾਂ ਨੂੰ ਪੀਣ ਵਾਲਾ ਸਾਫ਼ ਪਾਣੀ, ਪਾਖਾਨੇ ਤੇ ਹੋਰ ਸਹੂਲਤਾਂ ਉਪਲੱਬਧ ਕਰਵਾਉਣ, ਨਗਰ ਨੂੰ ਰੋਗਾਣੂ ਮੁਕਤ ਕਰਨ ਲਈ ਸੈਨੀਟਾਈਜ਼ ਤੇ ਨਿਰੰਤਰ ਫੌਗਿੰਗ ਕਰਵਾਉਣ, ਬਿਜਲੀ ਸਪਲਾਈ ਅਤੇ ਸੜਕਾਂ ’ਤੇ ਰੋਸ਼ਨੀ ਦੇ ਪ੍ਰਬੰਧ ਕਰਨ ਤੋਂ ਇਲਾਵਾ ਕੋਵਿਡ-19 ਨੇਮਾਂ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਡੀਸੀ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇ ਰਹੇ ਹਨ। ਮੀਟਿੰਗ ਮਗਰੋਂ ਅਧਿਕਾਰੀਆਂ ਨੇ ਭਾਈ ਜੈਤਾ ਦੀ ਉਸਾਰੀ ਜਾ ਰਹੀ ਯਾਦਗਾਰ, ਮੁੱਖ ਪੰਡਾਲ ਤੇ ਹੋਰ ਮੁੱਖ ਥਾਵਾਂ ਦਾ ਦੌਰਾ ਕੀਤਾ।
ਨਗਰ ਕੀਰਤਨ ਦਾ 19 ਨੂੰ ਸ਼ਾਨਦਾਰ ਸਵਾਗਤ ਹੋਵੇਗਾ: ਭਾਈ ਚਾਵਲਾ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ 19 ਅਪਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ’ਤੇ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਹੈ। ਅੱਜ ਪਿੰਡ ਮਟੌਰ ਵਿਖੇ ਸੰਗਤ ਨਾਲ ਮੀਟਿੰਗ ਕਰਨ ਮਗਰੋਂ ਭਾਈ ਚਾਵਲਾ ਨੇ ਦੱਸਿਆ ਕਿ ਨਗਰ ਕੀਰਤਨ 18 ਅਪਰੈਲ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਆਰੰਭ ਹੋ ਕੇ ਸ਼ਾਮ ਨੂੰ ਰੋਪੜ ਸ਼ਹਿਰ ਲੰਘਦਿਆਂ ਰਾਤ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ। ਅਗਲੇ ਦਿਨ 19 ਤਰੀਕ ਨੂੰ ਸਵੇਰੇ 8.30 ਵਜੇ ਨਗਰ ਕੀਰਤਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਆਰੰਭ ਹੋਵ ਕੇ ਦੁਪਹਿਰ ਲੱਗਪਗ 1 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ ਤੇ ਸਮਾਪਤੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਵੇਗੀ। ਖਾਲਸਾ ਕਾਲਜ ਪੁੱਜਣ ’ਤੇ ਨਗਰ ਕੀਰਤਨ ਨੂੰ ਐੱਨਸੀਸੀ ਦੇ ਕੈਡਿਟਾਂ ਵੱਲੋਂ ਗਾਰਡ ਆਫ ਆਨਰ ਦਿੱਤਾ ਜਾਵੇਗਾ।