ਜੋਗਿੰਦਰ ਸਿੰਘ ਮਾਨ
ਮਾਨਸਾ, 12 ਜੁਲਾਈ
ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਟਿੱਡੀ ਦਲ ਦੇ ਹਮਲੇ ਦਾ ਖ਼ਤਰਾ ਫਿਲਹਾਲ ਟਲ ਗਿਆ ਹੈ। ਖੇਤੀਬਾੜੀ ਵਿਭਾਗ ਅਤੇ ਖੇਤੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਦਾਅਵਾ ਕੀਤਾ ਹੈ ਕਿ ਹਵਾ ਦਾ ਰੁਖ਼ ਜੇਕਰ ਪੱਛਮ ਤੋਂ ਪੂਰਬ ਵੱਲ ਰਹਿੰਦਾ ਤਾਂ ਇਸ ਦੀ ਮਾਰ ਮਾਲਵਾ ਖੇਤਰ ਦੇ ਮਾਨਸਾ ਜ਼ਿਲ੍ਹੇ ਵਿੱਚ ਹੋਣ ਦਾ ਖਦਸ਼ਾ ਖੜ੍ਹਾ ਹੋ ਗਿਆ ਸੀ ਪਰ ਬੀਤੀ ਰਾਤ ਹਵਾ ਦਾ ਰੁਖ਼ ਦੱਖਣ ਤੋਂ ਪੱਛਮ ਵੱਲ ਹੋ ਗਿਆ ਜਿਸ ਕਾਰਨ ਇਸ ਖੇਤਰ ਦਾ ਬਚਾਅ ਹੋ ਗਿਆ।
ਖੇਤੀਬਾੜੀ ਵਿਭਾਗ ਦੇ ਵਿਕਾਸ ਅਫ਼ਸਰ (ਏਡੀਓ) ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਾਨਸਾ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸੁਚੇਤ ਕੀਤਾ ਹੋਇਆ ਸੀ ਜਿਸ ਕਰਕੇ ਕਿਸਾਨਾਂ ਵਲੋਂ ਆਪਣੇ ਖੇਤਾਂ ਦੀ ਲਗਾਤਾਰ ਰਾਖੀ ਕੀਤੀ ਜਾ ਰਹੀ ਸੀ। ਇਸ ਸਬੰਧੀ ਹਰਿਆਣਾ ਦੇ ਖੇਤੀਬਾੜੀ ਵਿਭਾਗ ਨਾਲ ਵੀ ਰਾਬਤਾ ਕਾਇਮ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਥੋਂ ਦੇ ਵਿਭਾਗ ਵੱਲੋਂ ਰਾਤ ਸਮੇਂ ਖੇਤਾਂ ਵਿੱਚ ਸਪਰੇਆਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਸਵੇਰੇ ਮੀਂਹ ਪੈਣ ਨਾਲ ਬਹੁਤ ਸਾਰੀਆਂ ਟਿੱਡੀਆਂ ਉਡ ਨਹੀਂ ਸਕੀਆਂ।
ਖੇਤੀ ਅਧਿਕਾਰੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਨੇ ਚਾਰ ਜ਼ਿਲ੍ਹਿਆਂ ਦੇ ਖੇਤੀ ਵਿਭਾਗ ਦੇ ਮੁਖੀਆਂ ਨਾਲ ਤਾਲਮੇਲ ਕੀਤਾ ਹੋਇਆ ਹੈ। ਮਹਿਕਮੇ ਦੇ ਮਹਿਰਾਂ ਦਾ ਕਹਿਣਾ ਹੈ ਕਿ ਫਿਲਹਾਲ ਟਿੱਡੀਆਂ ਦਾ ਪੰਜਾਬ ਦੇ ਖੇਤਾਂ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਜੇਕਰ ਹਲਕਾ ਤੇ ਦਰਮਿਆਨਾ ਮੀਂਹ ਪੈਂਦਾ ਰਿਹਾ ਤਾਂ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਹਰਿਆਣਾ ਦੇ ਖੇਤੀਬਾੜੀ ਮੰਤਰੀ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਹਰਿਆਣਾ ਵਿੱਚ ਟਿੱਡੀ ਦਲ ਤੋਂ ਹੋਏ ਨੁਕਸਾਨ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈਪੀ ਦਲਾਲ ਨੇ ਜ਼ਿਲ੍ਹਾ ਚਰਖੀ ਦਾਦਰੀ ਦੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਤੋਂ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਟਿੱਡੀ ਦਲ ਵਿਖਾਈ ਦੇਣ ’ਤੇ ਤੁਰੰਤ ਦਵਾਈ ਦਾ ਛਿੜਕਾਅ ਕਰਵਾਇਆ ਜਾਵੇ। ਇਸ ਮੌਕੇ ਸ੍ਰੀ ਦਲਾਲ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਟਿੱਡੀ ਦਲ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਮੰਗੀ ਹੈ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਵੱਧ ਨੁਕਸਾਨ ਹੋਇਆ ਹੈ, ਉੱਥੇ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਟਿੱਡੀ ਦਲ ਤੋਂ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ 50 ਫ਼ੀਸਦੀ ਦੇ ਕਰੀਬ ਟਿੱਡੀ ਦਲ ਨੂੰ ਖ਼ਤਮ ਕੀਤੇ ਜਾਣ ਦੀ ਰਿਪੋਰਟ ਹੈ।