ਪੱਤਰ ਪ੍ਰੇਰਕ
ਕੀਰਤਪੁਰ ਸਾਹਿਬ, 4 ਜੁਲਾਈ
ਪਿਛਲੇ ਦਿਨੀਂ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ’ਤੇ ਹੋਏ ਅਤਿਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਾਕ ਸਬੰਧੀਆਂ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਸਤਲੁਜ ਦਰਿਆ ਤੇ ਬਣੇ ਅਸਥਘਾਟ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਪਰਿਵਾਰਕ ਮੈਂਬਰਾਂ ਵੱਲੋਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ । ਇਸ ਉਪਰੰਤ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕਰਵਾਈ ਗਈ । ਇਸ ਮੌਕੇ ਅਜਮੀਤ ਸਿੰਘ, ਜਗਨਦੀਪ ਸਿੰਘ (ਸਵਿੰਦਰ ਸਿੰਘ ਦੇ ਦੋਵੇਂ ਬੇਟੇ), ਪਤਨੀ ਪ੍ਰਿਤਪਾਲ ਕੌਰ, ਬੇਟੀ ਸ਼ਰਨਜੀਤ ਕੌਰ ਤੋਂ ਇਲਾਵਾ ਹੋਰ ਰਿਸ਼ਤੇਦਾਰ ਅਤੇ ਸਾਕ ਸਬੰਧੀ ਆਦਿ ਹਾਜ਼ਰ ਸਨ।