ਨਿੱਜੀ ਪੱਤਰ ਪ੍ਰੇਰਕ
ਬਟਾਲਾ, 29 ਸਤੰਬਰ
ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱੱਖਣ ਲਈ ਪਹਿਲੀ ਵਾਰ ਸਾਲ 2008 ਵਿੱਚ ਤਤਕਾਲੀ ਵਿਧਾਇਕ ਕੈਪਟਨ ਬਲਬੀਰ ਸਿੰਘ ਬਾਠ ਨੇ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਸੀ। ਕੈਪਟਨ ਬਾਠ ਨੇ ਦੱਸਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਉਹ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਸਨ ਤੇ 18 ਮਾਰਚ 2008 ਨੂੰ ਉਨ੍ਹਾਂ ਵਿਧਾਨ ਸਭਾ ਸਪੀਕਰ ਕੋਲ ਮਤਾ ਪੇਸ਼ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਕੌਮਾਂਤਰੀ ਹਵਾਈ ਅੱਡੇ ਮੁਹਾਲੀ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਰਾਜਾਸਾਂਸੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰੱਖਣ ਦੀ ਮੰਗ ਕੀਤੀ ਗਈ ਸੀ। ਕੈਪਟਨ ਬਾਠ ਨੇ ਦੱਸਿਆ ਕਿ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਹਵਾਈ ਅੱਡਾ ਬਣਨ ਤੋਂ ਪਹਿਲਾਂ ਹੀ ਇਹ ਮਤਾ ਪਾਸ ਕਰ ਦਿੱਤਾ ਸੀ।