ਆਤਿਸ਼ ਗੁਪਤਾ
ਚੰਡੀਗੜ੍ਹ, 17 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਹੁਣ ਕੈਬਨਿਟ ਮੰਤਰੀ ਲੋਕ ਭਲਾਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ। ਮਾਨ ਨੇ ਕਿਹਾ ਕਿ ਇਹ ਮੰਤਰੀ ਜ਼ਿਲ੍ਹਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਟਿਆਲਾ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਅੰਮ੍ਰਿਤਸਰ ਅਤੇ ਤਰਨ ਤਾਰਨ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੂੰ ਬਠਿੰਡਾ ਅਤੇ ਮਾਨਸਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਫਿਰੋਜ਼ਪੁਰ ਅਤੇ ਮੋਗਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਨੂੰ ਲੁਧਿਆਣਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਗੁਰਦਾਸਪੁਰ ਤੇ ਪਠਾਨਕੋਟ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਰੋਪੜ ਅਤੇ ਮੁਹਾਲੀ, ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹੁਸ਼ਿਆਰਪੁਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਫ਼ਤਹਿਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਜਲੰਧਰ, ਰੱਖਿਆ ਸੇਵਾਵਾਂ ਮੰਤਰੀ ਫੌਜਾ ਸਿੰਘ ਨੂੰ ਫਰੀਦਕੋਟ ਤੇ ਫਾਜ਼ਿਲਕਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਮਾਲੇਰਕੋਟਲਾ ਤੇ ਬਰਨਾਲਾ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੰਚਾਰਜ ਨਿਯੁਕਤ ਕੀਤਾ ਹੈ।