ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਅਗਸਤ
ਵੱਖ-ਵੱਖ ਮੁਲਕਾਂ ਵਿੱਚ ਪਾਵਨ ਸਰੂਪਾਂ ਦੀ ਵਧ ਰਹੀ ਮੰਗ ਪੂਰੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦੇਸ਼ਾਂ ’ਚ ਵੀ ਪ੍ਰਿੰਟਿੰਗ ਪ੍ਰੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿੰਨ ਨਵੇਂ ਗ੍ਰੰਥੀ ਨਿਯੁਕਤ ਕਰਨ ਦੇ ਫ਼ੈਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ ਵਧੀ ਮੰਗ ਦੇ ਮੱਦੇਨਜ਼ਰ ਅਮਰੀਕਾ, ਕੈਨੇਡਾ, ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜ਼ੀਲੈਂਡ ਵਿੱਚ ਪ੍ਰਿੰਟਿੰਗ ਪ੍ਰੈੱਸਾਂ ਲਾਈਆਂ ਜਾਣਗੀਆਂ ਅਤੇ ਜਿਹੜੇ ਦੇਸ਼ ਵਿੱਚ ਵੀ ਪ੍ਰਿੰਟਿੰਗ ਪ੍ਰੈੱਸ ਲਾਈ ਜਾਵੇਗੀ, ਉੱਥੋਂ ਨੇੜਲੇ ਦੇਸ਼ਾਂ ਵਿੱਚ ਸੜਕੀ ਮਾਰਗ ਰਾਹੀਂ ਸਰੂਪ ਲੋੜ ਵਾਲੀ ਥਾਂ ’ਤੇ ਭੇਜੇ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਲੋੜ ਅਨੁਸਾਰ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ 100 ਪਾਵਨ ਸਰੂਪ ਗੁਜਰਾਤ ਪਹੁੰਚਾਏਗੀ। ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਨਿਯੁਕਤ ਕਰਨ ਦੇ ਫ਼ੈਸਲੇ ਬਾਰੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਬਣਾਈ ਗਈ ਸਬ-ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਤੇ ਭਾਈ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਬਲਜੀਤ ਸਿੰਘ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕਰ ਲਿਆ ਹੈ। ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦਾ ਸੇਵਾ ਸੰਭਾਲ ਸਮਾਗਮ 26 ਅਗਸਤ ਨੂੰ ਹੋਵੇਗਾ।
ਭਾਰਤ ਸਰਕਾਰ ਤੋਂ ਕਰਤਾਰਪੁਰ ਲਾਂਘਾ ਜਲਦੀ ਖੋਲ੍ਹਣ ਦੀ ਮੰਗ
ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਸੰਗਤ ਨੂੰ ਇਜਾਜ਼ਤ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਇਹ ਲਾਂਘਾ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦੇਵੇ। ਉਨ੍ਹਾਂ ਕਿਹਾ ਕਿ ਇਹ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਅਤੇ ਖ਼ਾਸ ਕਰਕੇ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਦਿਹਾੜੇ ਤੋਂ ਪਹਿਲਾਂ ਇਸ ਸਬੰਧੀ ਫ਼ੈਸਲਾ ਲਿਆ ਜਾਵੇ। ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਫ਼ਗਾਨਿਸਤਾਨ ਵਿੱਚ ਮੌਜੂਦਾ ਹਾਲਾਤ ਕਾਰਨ ਭੈਅ-ਭੀਤ ਸਿੱਖਾਂ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਿੱਖ ਭਾਰਤ ਆਉਣਗੇ, ਉਨ੍ਹਾਂ ਦੇ ਰਹਿਣ ਅਤੇ ਰੁਜ਼ਗਾਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਦੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ਭਾਰਤ ਸਰਕਾਰ ਨੂੰ ਵੀ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ।
ਸਿੱਖ ਅਜਾਇਬ ਘਰ ਵਿੱਚ ਲੱਗੇਗੀ ਸ਼ਹੀਦ ਸੰਦੀਪ ਧਾਲੀਵਾਲ ਦੀ ਤਸਵੀਰ
ਅਮਰੀਕਾ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਸ ਨੇ ਅਮਰੀਕਾ ਪੁਲੀਸ ਵਿੱਚ ਦਸਤਾਰ ਸਮੇਤ ਡਿਊਟੀ ਕਰਨ ਲਈ ਕਰੀਬ 6 ਸਾਲ ਲੜਾਈ ਲੜੀ ਸੀ, ਜਿਸ ਕਾਰਨ ਸਿੱਖਾਂ ਨੂੰ ਸੇਵਾ ਦੌਰਾਨ ਦਸਤਾਰ ਦੀ ਛੋਟ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਬੇਟ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈਆਂ ਜਾਣਗੀਆਂ।