ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲ੍ਹਿਆਂ ’ਚ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਨਿਆਂ ਦਿਵਾਉਣ ਲਈ 29 ਸਤੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਵੱਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਜਾਵੇਗਾ। ਪਾਰਟੀ ਦੇ ਵਫ਼ਦ ਵੱਲੋਂ ਇਸ ਸਬੰਧੀ ਭਲਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਪੰਜਾਬ ਪ੍ਰਦੇਸ਼ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਤੀਨਿਧਾਂ ਨਾਲ ਇਸ ਮਾਮਲੇ ’ਤੇ ਮੀਟਿੰਗ ਕੀਤੀ। ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਰਤ ਮਾਲਾ ਪ੍ਰਾਜੈਕਟ ਅਧੀਨ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕੁਆਇਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਵਿੱਚ 30 ਲੱਖ ਅਤੇ ਸ਼ਹਿਰੀ ਏਕੜ ਵਾਸਤੇ 70 ਲੱਖ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦਕਿ ਇਹ ਮੁਆਵਜ਼ਾ ਪੇਂਡੂ ਖੇਤਰ ਲਈ 1 ਕਰੋੜ ਪ੍ਰਤੀ ਏਕੜ ਅਤੇ ਸ਼ਹਿਰੀ ਖੇਤਰ ਦੀ ਜ਼ਮੀਨ ਵਾਸਤੇ 3 ਤੋਂ 5 ਕਰੋੜ ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ਨੇ ਸੰਘਰਸ਼ ਕਮੇਟੀ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਕਿਸਾਨਾਂ ਦਾ ਮਸਲਾ ਜ਼ੋਰ-ਸ਼ੋਰ ਨਾਲ ਚੁੱਕੇਗਾ। ਉਨ੍ਹਾਂ ਕਮੇਟੀ ਮੈਂਬਰਾਂ ਤੇ ਪ੍ਰਭਾਵਿਤ ਕਿਸਾਨਾਂ ਨੂੰ 29 ਸਤੰਬਰ ਦੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।