ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਈ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 72 ਘੰਟੇ ਦੇ ਨੋਟਿਸ ’ਤੇ ਦੋ ਜੂਨ ਨੂੰ ਸੱਦੀ ਹੈ। ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਇਸ ਸਬੰਧੀ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਹ ਮੀਟਿੰਗ ਮੌਜੂਦਾ ਪੰਥਕ ਹਾਲਾਤ ਨੂੰ ਵਿਚਾਰਨ ਵਾਸਤੇ ਸੱਦੀ ਗਈ ਹੈ ਪਰ ਇਸ ਇੱਕ ਨੁਕਾਤੀ ਏਜੰਡੇ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ। ਫਿਲਹਾਲ ਇਸ ਮੀਟਿੰਗ ਦੇ ਏਜੰਡੇ ਬਾਰੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਵੀ ਸਪੱਸ਼ਟ ਨਹੀਂ ਹੈ। ਇਹ ਮੀਟਿੰਗ ਦੋ ਜੂਨ ਨੂੰ ਦੁਪਹਿਰ ਇੱਕ ਵਜੇ ਇੱਥੇ ਪ੍ਰਬੰਧਕੀ ਬਲਾਕ ਦੇ ਮੀਟਿੰਗ ਹਾਲ ਵਿੱਚ ਸੱਦੀ ਗਈ ਹੈ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਸੀ।