ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਸਤੰਬਰ
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਜਨਤਕ ਲਹਿਰ ਬਣਾਉਣ ਦਾ ਫੈ਼ਸਲਾ ਕੀਤਾ ਗਿਆ ਹੈ, ਜਿਸ ਤਹਿਤ 12 ਸਤੰਬਰ ਤੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਡਿਪਟੀ ਕਮਿਸ਼ਨਰਾਂ ਤੇ ਯੂਟੀ ਪ੍ਰਕਾਸ਼ਕ ਦੇ ਦਫ਼ਤਰਾਂ ਅੱਗੇ ਸ਼੍ਰੋਮਣੀ ਕਮੇਟੀ ਵੱਲੋਂ ਧਰਨੇ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਸੰਘਰਸ਼ ਤਹਿਤ ਪੰਜਾਬ ਵਿੱਚ ਦਸਤਖ਼ਤੀ ਮੁਹਿੰਮ ਵੀ ਆਰੰਭੀ ਜਾਵੇਗੀ ਤੇ ਇਹ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ। ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਚਾਰਾਜੋਈ ਵਾਸਤੇ ਸੇਵਾਮੁਕਤ ਸਿੱਖ ਜੱਜਾਂ, ਸੀਨੀਅਰ ਸਿੱਖ ਵਕੀਲਾਂ ਤੇ ਸਿੱਖ ਪੰਥ ਦੇ ਵਿਦਵਾਨਾਂ ਦੀ ਰਾਏ ਨਾਲ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਏ ਇਸ ਪੰਥਕ ਇਕੱਠ ਵਿੱਚ ਵੱਖ-ਵੱਖ ਬੁਲਾਰਿਆਂ ਨੇ ਬੰਦੀ ਸਿੰਘਾਂ ਦੇ ਮੁੱਦੇ ਸਬੰਧੀ ਸਰਕਾਰਾਂ ਦੀ ਉਦਾਸੀਨਤਾ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਤੇ ਭਵਿੱਖ ਵਿੱਚ ਲੋਕ ਲਹਿਰ ਸਿਰਜਣ ਦਾ ਸੁਝਾਅ ਦਿੱਤਾ। ਸ੍ਰੀ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਕਾਰਜਾਂ ਦਾ ਵਿਸਥਾਰ ਦਿੰਦਿਆਂ ਸਰਕਾਰਾਂ ਦੇ ਅੜੀਅਲ ਰਵੱਈਏ ਦੀ ਕਰੜੀ ਨਿੰਦਾ ਕੀਤੀ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹਿਰਾਂ ਦੇ ਅਹਿਮ ਚੌਕਾਂ ਵਿੱਚ ਫਲੈਕਸ ਬੋਰਡ ਲਾ ਕੇ ਕਾਊਂਟਰ ਸਥਾਪਤ ਕੀਤੇ ਜਾਣਗੇ ਤੇ ਲੋਕਾਂ ਤੋਂ ਦਸਤਖ਼ਤ ਲਏ ਜਾਣਗੇ। ਇਸ ਤੋਂ ਇਲਾਵਾ ਘੱਟਗਿਣਤੀ ਦਰਜੇ ਨੂੰ ਸੂਬਿਆਂ ਦੇ ਆਧਾਰ ’ਤੇ ਨਿਰਧਾਰਤ ਕਰਨ ਲਈ ਸੁਪਰੀਮ ਕੋਰਟ ਅੰਦਰ ਇੱਕ ਵਿਅਕਤੀ ਵੱਲੋਂ ਪਾਈ ਗਈ ਪਟੀਸ਼ਨ ਖ਼ਿਲਾਫ਼ ਪੂਰੀ ਨਜਿੱਠਣ ਦਾ ਵੀ ਐਲਾਨ ਕੀਤਾ ਗਿਆ।
ਰੰਧਾਵਾ ਅਤੇ ਕਾਹਨੇਕੇ ਨੇ ਸ਼੍ਰੋਮਣੀ ਕਮੇਟੀ ਨੂੰ ਘੇਰਿਆ
ਸ਼੍ਰੋਮਣੀ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਸੱਦੀ ਗਈ ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਕ ਪੱਤਰ ਦੇ ਕੇ ਕੁਝ ਮੁੱਦੇ ਰੱਖੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਸੰਘਰਸ਼ ਨਿਰੋਲ ਸ਼੍ਰੋਮਣੀ ਕਮੇਟੀ ਦਾ ਹੋਵੇ। ਇਸ ਵਿੱਚ ਸਿੱਖ ਪੰਥ ਵੱਲੋਂ ਨਕਾਰੇ ਹੋਏ ਲੋਕਾਂ ਦੀ ਸ਼ਾਖ ਨੂੰ ਮੁੜ ਸੁਰਜੀਤ ਕਰਨ ਦਾ ਯਤਨ ਸ਼ਾਮਲ ਨਾ ਹੋਵੇ। ਜੇਕਰ ਇਹ ਸੰਘਰਸ਼ ਨਿਰੋਲ ਸ਼੍ਰੋਮਣੀ ਕਮੇਟੀ ਦਾ ਹੋਵੇਗਾ ਤਾਂ ਉਹ ਤਨ ਮਨ ਤੋਂ ਇਸ ਸੰਘਰਸ਼ ਵਿੱਚ ਆਪਣਾ ਸਹਿਯੋਗ ਦੇਣਗੇ।