ਪੱਤਰ ਪ੍ਰੇਰਕ
ਤਲਵੰਡੀ ਸਾਬੋ, 30 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਵਾਰ-ਵਾਰ ਕਕਾਰ ਲੁਹਾ ਕੇ ਉਨ੍ਹਾਂ ਨੂੰ ਸਾਜਿਸ਼ ਤਹਿਤ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਆਏ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਬਹੁ ਗਿਣਤੀ ਵਾਲੇ ਸੂਬੇ ਪੰਜਾਬ ਵਿੱਚ ਇੱਕ ਹਫਤੇ ਦੌਰਾਨ ਪ੍ਰੀਖਿਆਵਾਂ ਆਦਿ ਮੌਕੇ ਸਿੱਖ ਨੌਜਵਾਨਾਂ ਦੇ ਕੜੇ ਲੁਹਾਉਣ ਦੀ ਦੂਜੀ ਘਟਨਾ ਵਾਪਰ ਚੁੱਕੀ ਹੈ, ਜਦ ਕਿ ਭਾਰਤ ਦਾ ਸੰਵਿਧਾਨ ਕਕਾਰ ਧਾਰਨ ਕਰਨ ਦੀ ਆਜ਼ਾਦੀ ਦਿੰਦਾ ਹੈ। ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।