ਗਗਨਦੀਪ ਅਰੋੜਾ
ਲੁਧਿਆਣਾ, 2 ਅਕਤੂਬਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਝੰਡੇ ਹੇਠ ਲੁਧਿਆਣਾ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਘਰ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਮੰਗਾਂ ਸਬੰਧੀ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ 2 ਅਕਤੂਬਰ 1975 ਨੂੰ ਦੇਸ਼ ਭਰ ਵਿੱਚ ਆਂਗਣਵਾੜੀ ਕੇਂਦਰ ਖੋਲ੍ਹੇ ਗਏ ਸਨ ਅਤੇ ਹੁਣ 50 ਸਾਲ ਪੂਰੇ ਹੋਣ ਵਾਲੇ ਹਨ। ਇੰਨੇ ਲੰਬੇ ਸਮੇਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ ਤੋਂ ਕੇਂਦਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੇ ਮਾਣ ਭੱਤੇ ਵਿੱਚ ਨਿਗੂਣਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੀਆਂ 28 ਲੱਖ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦਾ ਸ਼ੋਸ਼ਣ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਆਂਗਣਵਾੜੀ ਕੇਂਦਰਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਨਹੀਂ ਕੀਤੀ ਗਈ ਅਤੇ ਅੱਧੇ ਤੋਂ ਵੱਧ ਕੇਂਦਰ ਸਹੂਲਤਾਂ ਤੋਂ ਸੱਖਣੇ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਅਧਿਆਪਕਾਂ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਐਲਾਨੇ ਅਤੇ ਸਹਾਇਕਾਂ ਨੂੰ ਗਰੇਡ ਦੇਵੇ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਨਾ ਤਾਂ ਬੱਚੇ ਹਨ ਅਤੇ ਨਾ ਹੀ ਰਾਸ਼ਨ ਬਣ ਰਿਹਾ ਹੈ। ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਿਹਤ ਸਹੂਲਤਾਂ ਵੀ ਆਸ਼ਾ ਵਰਕਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਣ ਲੱਗ ਪਈਆਂ ਹਨ। ਇਸ ਕਾਰਨ ਸਰਕਾਰ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਹਰਗੋਬਿੰਦ ਕੌਰ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਧੱਕੇਸ਼ਾਹੀ ਵਿਰੁੱਧ ਸੰਘਰਸ਼ ਕਰਨ ਲਈ ਯੂਨੀਅਨ ਦਾ ਸਾਥ ਦੇਣ। ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਦੋਸ਼ ਲਾਇਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਬਿਨਾਂ ਕਿਸੇ ਗਲਤੀ ਦੇ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਂਗਣਵਾੜੀ ਕੇਂਦਰਾਂ ਨੂੰ ਘਟੀਆ ਅਤੇ ਖਰਾਬ ਰਾਸ਼ਨ ਭੇਜ ਰਹੀ ਹੈ। ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਅਤੇ ਕੇਂਦਰ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀਆਂ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ਨੂੰ ਮੰਗ ਪੱਤਰ ਦਿੱਤਾ ਗਿਆ।