ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 8 ਫਰਵਰੀ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਵੀਂ ਪਿਰਤ ਪਾਉਂਦਿਆਂ ਆਪਣੇ ਪੰਜ ਸਾਲਾ ਪੁੱਤਰ ਪ੍ਰਿਥਮ ਸਿੰਘ ਸੂਦਨ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿੱਚ ਪਹਿਲੀ ਕਲਾਸ ’ਚ ਦਾਖਲ ਕਰਵਾਇਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪ੍ਰਭਜੋਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੇ ਉਦੇਸ਼ ਹਿੱਤ ਉਨ੍ਹਾਂ ਡਿਪਟੀ ਕਮਿਸ਼ਨਰ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਵੀ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਦਿੱਤਾ। ਇਸ ਨਾਲ ਹੋਰਨਾਂ ਪਰਿਵਾਰਾਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਭਰਤੀ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਸਮਾਰਟ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ। ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਬੀੜ ਸਰਕਾਰ ਦੀ ਮੁੱਖ ਅਧਿਆਪਕਾ ਪੁਸ਼ਪਾ ਸਚਦੇਵਾ ਨੇ ਦੱਸਿਆ ਕਿ ਸਕੂਲ ਵਿੱਚ 357 ਵਿਦਿਆਰਥੀ ਪੜ੍ਹ ਰਹੇ ਹਨ। ਵਿਦਿਆਰਥੀਆਂ ਨੂੰ ਸਕੂਲ ਵਿੱਚ ਵਧੀਆ ਲਾਇਬਰੇਰੀ, ਲਿਸਨਿੰਗ ਲੈਬ, ਕੰਪਿਊਟਰ ਲੈਬ ਅਤੇ ਸਮਾਰਟ ਕਲਾਸ ਰੂਮ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਅਧਿਆਪਕ ਤੇ ਪ੍ਰਬੰਧ ਨਿੱਜੀ ਸਕੂਲਾਂ ਨਾਲੋਂ ਘੱਟ ਨਹੀਂ ਇਸ ਲਈ ਸਾਨੂੰ ਸਰਕਾਰੀ ਸਕੂਲਾਂ ਦਾ ਲਾਭ ਉਠਾਉਣਾ ਚਾਹੀਦਾ ਹੈ।