ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 1 ਜੁਲਾਈ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦਾ ਸਟਾਫ ਅਤੇ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸੰਗਤ ਨੂੰ ਸੌਖੇ ਢੰਗ ਨਾਲ ਮੱਥਾ ਟੇਕਣ ਦੇ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ ਅਤੇ ਠੰਢਾ ਜਲ ਛਕਾਉਣ ਦੀ ਸੇਵਾ ਕੀਤੀ। ਕਾਲਜ ਦੇ ਐੱਨਐੱਸਐੱਸ, ਐੱਨਸੀਸੀ ਯੂਨਿਟ ਅਤੇ ਕਾਲਜ ਦੇ ਸਟੱਡੀ ਸਰਕਲ ਦੇ 110 ਵਿਦਿਆਰਥੀ ਅਤੇ 50 ਸਟਾਫ਼ ਮੈਬਰਾਂ ਨੇ ਇਸ ਸੇਵਾ ਵਿੱਚ ਹਿੱਸਾ ਲਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੀ ਸੇਵਾ ਅਤੇ ਸ਼ਰਧਾ ਨਾਲ ਧਾਰਮਿਕ ਕਾਰਜਾਂ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੇ ਸੰਗਤ ਦੀ ਸੇਵਾ ਕਰ ਕੇ ਸੰਗਤ ਦੇ ਸਿਧਾਂਤ ਨੂੰ ਸਮਝਿਆ ਹੈ। ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਹਰਭਿੰਦਰ ਸਿੰਘ, ਡਾ. ਪੁਸ਼ਪਿੰਦਰ ਸਿੰਘ, ਡਾ. ਹਰਜੀਤ ਕੌਰ, ਪ੍ਰੋ. ਬਿੰਪਲਦੀਪ ਕੌਰ, ਗੁਰਪਿੰਦਰ ਸਿੰਘ, ਬਚਿੱਤਰ ਸਿੰਘ, ਨਰਦੀਪ ਸਿੰਘ ਅਤੇ ਬੀਰਦਵਿੰਦਰ ਸਿੰਘ ਆਦਿ ਹਾਜ਼ਰ ਸਨ।