ਆਤਿਸ਼ ਗੁਪਤਾ
ਚੰਡੀਗੜ੍ਹ, 20 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ ਤੇ ਪਸ਼ੂਆਂ ਦੀ ਗਿਰਦਾਵਰੀ ਪਹਿਲ ਦੇ ਆਧਾਰ ‘ਤੇ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਸ੍ਰੀ ਮਾਨ ਨੇ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਜ਼ਰ ਰੱਖ ਰਹੇ ਹਨ। ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।