ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 23 ਸਤੰਬਰ ਦੀ ਮੀਟਿੰਗ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਘਿਰਾਓ ਦੌਰਾਨ ਉੱਚ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ 23 ਸਤੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਸੀ। ਹੁਣ ਚਰਨਜੀਤ ਸਿੰਘ ਚੰਨੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮਿੱਥੇ ਸਮੇਂ ’ਤੇ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ।
ਇੱਕ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸਕੱਤਰ ਬਲਦੇਵ ਸਿੰਘ ਨੂਰਪੁਰੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸਮੀਰ ਸਿੰਘ ਘੁੱਗਸ਼ੋਰ ਨੇ ਆਖਿਆ ਕਿ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ, ਬਿਜਲੀ ਬਿੱਲ ਤੇ ਬਕਾਏ ਮੁਆਫ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਮਜ਼ਦੂਰਾਂ ਦੇ ਰੁਜ਼ਗਾਰ ਦੀ ਗਾਰੰਟੀ ਦੇਣ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜਦੂਰਾਂ ਨੂੰ ਸਸਤੇ ਭਾਅ ਠੇਕੇ ’ਤੇ ਦੇਣਾ ਯਕੀਨੀ ਬਣਾਉਣ ਆਦਿ ਮੰਗਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਚੰਨੀ ਨੂੰ ਮੀਟਿੰਗ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੱਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਲੰਮੇ ਸਮੇਂ ਤੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਭਰ ਵਿੱਚ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਹ ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖਣਗੇ।