ਹਤਿੰਦਰ ਮਹਿਤਾ
ਜਲੰਧਰ, 31 ਅਗਸਤ
ਇੱਥੇ ਅੱਜ ਸਵੇਰੇ ਨੌਜਵਾਨ ਨੇ ਬੱਸ ਸਟੈਂਡ ਨੇੜੇ ਇਮੀਗ੍ਰੇਸ਼ਨ ਕੰਪਨੀ ਦੇ ਦਫਤਰ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਤਿਲਕ ਨਗਰ ਦੇ ਰਹਿਣ ਵਾਲੇ ਗੌਰਵ (20) ਵਜੋਂ ਹੋਈ ਹੈ। ਇਸ ਬਾਰੇ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗੌਰਵ ਦੇ ਪਰਿਵਾਰ ਨੇ ਇਮੀਗ੍ਰੇਸ਼ਨ ਕੰਪਨੀ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਕੰਪਨੀ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਗੌਰਵ ਪਿਛਲੇ ਤਿੰਨ ਸਾਲਾਂ ਤੋਂ ਇਸ ਕੰਪਨੀ ਵਿੱਚ ਕੰਮ ਕਰ ਰਿਹਾ ਸੀ ਅਤੇ ਬੀਤੇ ਕੁਝ ਦਿਨਾਂ ਤੋਂ ਕਾਫੀ ਤਣਾਅ ਵਿੱਚ ਰਹਿੰਦਾ ਸੀ। ਉਸ ਦੇ ਭਰਾ ਕਰਨ ਨੇ ਦੱਸਿਆ ਕਿ ਗੌਰਵ ਪਿਛਲੇ ਕੁਝ ਸਮੇਂ ਤੋਂ ਆਪਣੀ ਨੌਕਰੀ ਤੋਂ ਨਾਖੁਸ਼ ਸੀ ਅਤੇ ਉਸ ਨੂੰ ਕੰਪਨੀ ਦੇ ਮਾਲਕ ਵੱਲੋਂ ਕਥਿਤ ਧਮਕੀਆਂ ਵੀ ਮਿਲ ਰਹੀਆਂ ਸਨ। ਉਸ ਨੇ ਕਿਹਾ ਕਿ ਉਹ ਕੰਪਨੀ ਛੱਡਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸੇ ਦੌਰਾਨ ਥਾਣਾ ਡਿਵੀਜ਼ਨ ਨੰਬਰ-6 ਦੇ ਏਐੱਸਆਈ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕੰਪਨੀ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਹਰ ਪਹਿਲੂ ਤੋਂ ਇਸ ਦੀ ਜਾਂਚ ਕਰ ਰਹੇ ਹਨ।