ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 20 ਮਈ
ਥਾਣਾ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਭੋਜੇਮਾਜਰਾ ਵਿੱਚ ਲੰਘੀ ਰਾਤ ਪਿੰਡ ਦੇ ਇੱਕ ਨੌਜਵਾਨ ਨੇ ਕਿਸੇ ਰੰਜਿਸ਼ ਤਹਿਤ ਸਾਬਕਾ ਸਰਪੰਚ ਤੇ ਪਰਿਵਾਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖਮੀਆਂ ਵਿੱਚ ਸਾਬਕਾ ਸਰਪੰਚ ਜਸਪਾਲ ਸਿੰਘ, ਉਨ੍ਹਾਂ ਦੀ ਪਤਨੀ ਜਸਪਾਲ ਕੌਰ ਅਤੇ ਕੈਨੇਡਾ ਰਹਿੰਦੀ 12 ਵਰ੍ਹਿਆਂ ਦੀ ਪੋਤਰੀ ਜੋ ਕਿ ਇੱਥੇ ਆਈ ਹੋਈ ਸੀ, ਸ਼ਾਮਲ ਹੈ। ਜ਼ਖਮੀਆਂ ਨੂੰ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਜੀਐੱਮਸੀਐੱਚ, ਸੈਕਟਰ32 ਲਈ ਰੈਫਰ ਕਰ ਦਿੱਤਾ। ਇਸ ਹਮਲੇ ਦੌਰਾਨ ਗੰਭੀਰ ਜ਼ਖਮੀ ਹੋਏ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਹਮਲੇ ਕਾਰਨ ਘਰ ਵਿੱਚ ਪਿਆ ਚੀਕ-ਚਿਹਾੜਾ ਸੁਣ ਕੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਚਮਕੌਰ ਸਾਹਿਬ ਦੇ ਹਸਪਤਾਲ ਪਹੁੰਚਾਇਆ ਜਦੋਂ ਕਿ ਮੌਕੇ ’ਤੇ ਕਾਬੂ ਕੀਤੇ ਗਏ ਨੌਜਵਾਨ ਨੂੰ ਪੁਲੀਸ ਨੇ ਛੁਡਵਾ ਕੇ ਇੱਥੋਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਹੈ। ਪਿੰਡ ਵਾਸੀਆਂ ਅਨੁਸਾਰ ਕਈ ਵਾਰ ਫੋਨ ਕਰਨ ਦੇ ਬਾਵਜੂਦ ਐਂਬੂਲੈਂਸ ਮੌਕੇ ’ਤੇ ਨਹੀਂ ਆਈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇੱਥੋ ਦੇ ਡੀਐੱਸਪੀ ਜਤਿੰਦਰਪਾਲ ਸਿੰਘ ਅਤੇ ਥਾਣਾ ਮੁਖੀ ਕਮਲ ਤਨੇਜਾ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।