ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਜਨਵਰੀ
ਹਲਕਾ ਭੁੱਲਥ ਤੋਂ ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 26 ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਉੱਤਰ ਪ੍ਰਦੇਸ਼ ਦੇ ਕਿਸਾਨ ਨਵਰੀਤ ਸਿੰਘ ਦੀ ਮੌਤ ਦੀ ਨਿਆਂਇਕ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ 26 ਜਨਵਰੀ ਦੇ ਘਟਨਾਕ੍ਰਮ ਦੌਰਾਨ ਹਿਰਾਸਤ ਵਿੱਚ ਲਏ ਵਿਅਕਤੀਆਂ ਦੀ ਸੂਚੀ ਜਨਤਕ ਕਰਨ ਦੀ ਮੰਗ ਕੀਤੀ। ਸ੍ਰੀ ਖਹਿਰਾ ਨੇ ਦੱਸਿਆ ਕਿ ਟਰੈਕਟਰ ਪਰੇਡ ਦੌਰਾਨ ਆਈਟੀਓ ਕਰਾਸਿੰਗ ’ਤੇ ਉਨ੍ਹਾਂ ਦਾ ਚਚੇਰਾ ਭਰਾ ਨਕਸ਼ਦੀਪ ਸਿੰਘ ਵੀ ਮੌਜੂਦ ਸੀ, ਜਿਸ ਨੇ ਦੋਸ਼ ਲਾਇਆ ਹੈ ਕਿ ਪੁਲੀਸ ਨੇ ਨਵਰੀਤ ਦੇ ਟਰੈਕਟਰ ’ਤੇ ਗੋਲੀਆਂ ਚਲਾਈਆਂ ਅਤੇ ਇੱਕ ਗੋਲੀ ਨਵਰੀਤ ਦੀ ਠੋਡੀ ਵਿੱਚ ਵੱਜੀ ਅਤੇ ਕੰਨ ਕੋਲੋਂ ਬਾਹਰ ਨਿਕਲ ਗਈ। ਇਸ ਕਾਰਨ ਉਹ ਕੰਟਰੋਲ ਗੁਆ ਬੈਠਾ ਅਤੇ ਟਰੈਕਟਰ ਪਲਟ ਗਿਆ।