ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਅਕਤੂਬਰ
ਵਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਭਲਕੇ 24 ਅਕਤੂਬਰ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਰਾਤ ਨੂੰ ਕੁਝ ਹੀ ਮਿੰਟਾਂ ਵਾਸਤੇ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਹੋਵੇਗਾ ਕਿਉਂਕਿ ਪ੍ਰਬੰਧਕਾਂ ਨੂੰ ਪ੍ਰਦੂਸ਼ਣਮੁਕਤ ਆਤਿਸ਼ਬਾਜ਼ੀ ਨਹੀਂ ਮਿਲ ਸਕੀ ਹੈ। ਜ਼ਿਕਰਯੋਗ ਹੈ ਕਿ ਕੁਝ ਵਰ੍ਹੇ ਪਹਿਲਾਂ ਤੱਕ ਇੱਥੇ ਆਤਿਸ਼ਬਾਜ਼ੀ ਚਲਾਉਣ ਵਾਲਿਆਂ ਵਿਚਾਲੇ ਮੁਕਾਬਲੇ ਵੀ ਹੁੰਦੇ ਸਨ ਅਤੇ ਵੱਧ ਤੋਂ ਵੱਧ ਆਤਿਸ਼ਬਾਜ਼ੀ ਕੀਤੀ ਜਾਂਦੀ ਸੀ। ਵਧ ਰਹੇ ਪ੍ਰਦੂਸ਼ਣ ਕਾਰਨ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੀ ਆਭਾ ’ਤੇ ਮਾੜਾ ਅਸਰ ਪੈਣਾ ਸ਼ੁਰੂ ਹੋਇਆ ਅਤੇ ਅਦਾਲਤ ਨੇ ਇਸ ਦਾ ਨੋਟਿਸ ਲਿਆ ਤਾਂ ਪ੍ਰਬੰਧਕਾਂ ਵੱਲੋਂ ਪਟਾਕੇ ਚਲਾਉਣ ਦੇ ਰੁਝਾਨ ਨੂੰ ਘੱਟ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪੁਰਾਤਨ ਪ੍ਰੰਪਰਾ ਅਤੇ ਸੰਗਤ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧਕਾਂ ਵੱਲੋਂ ਇੱਥੇ ਦੀਵਾਲੀ ਵਾਲੀ ਰਾਤ ਨੂੰ ਨਿਰੰਤਰ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਅਜਿਹੀ ਆਤਿਸ਼ਬਾਜ਼ੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਵਧੇਰੇ ਉਚਾਈ ’ਤੇ ਜਾ ਕੇ ਫਟਦੀ ਹੈ ਅਤੇ ਘੱਟ ਧੂੰਆਂ ਪੈਦਾ ਕਰਦੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਇਹ ਆਤਿਸ਼ਬਾਜ਼ੀ ਕੁਝ ਮਿੰਟਾਂ ਵਾਸਤੇ ਹੀ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਘੱਟੋ-ਘੱਟ ਸਮੇਂ ਲਈ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣਮੁਕਤ ਆਤਿਸ਼ਬਾਜ਼ੀ ਅਤੇ ਵਾਤਾਵਰਨ ਪੱਖੀ ਆਤਿਸ਼ਬਾਜ਼ੀ ਲੱਭਣ ਦਾ ਯਤਨ ਕੀਤਾ ਗਿਆ ਪਰ ਅਜਿਹੀ ਆਤਿਸ਼ਬਾਜ਼ੀ ਨਹੀਂ ਮਿਲੀ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ, ਪਰਿਕਰਮਾ, ਗੁਰਦੁਆਰਾ ਬਾਬਾ ਅਟੱਲ ਰਾਏ ਅਤੇ ਹੋਰ ਇਮਾਰਤਾਂ ਵਿੱਚ ਵੀ ਦੀਪਮਾਲਾ ਕੀਤੀ ਗਈ। ਇਸ ਦੌਰਾਨ ਬੰਦੀ ਛੋੜ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਿੱਖ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।