ਫ਼ਰੀਦਕੋਟ (ਜਸਵੰਤ ਜੱਸ): ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਦੀ ਕਥਿਤ ਅਣਗਹਿਲੀ ਕਾਰਨ ਫਾਜ਼ਿਲਕਾ ਦੇ ਇੱਕ ਪ੍ਰੋਫੈਸਰ ਦੀ ਬੀਤੇ ਦਿਨੀਂ ਹੋਈ ਮੌਤ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ’ਚ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਵੀ ਇਸ ਮਾਮਲੇ ਦੀ ਪੜਤਾਲ ਕਰਨ ਲਈ ਕਿਹਾ ਹੈ। ਸੂਚਨਾ ਅਨੁਸਾਰ ਪ੍ਰੋ. ਪਰਮਿੰਦਰ ਕੰਬੋਜ ਮਾਮੂਲੀ ਬਿਮਾਰ ਸੀ। ਉਸ ਨੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਤੋਂ ਆਪਣਾ ਕਰੋਨਾ ਟੈਸਟ ਕਰਵਾਇਆ, ਜੋ ਨੈਗੇਟਿਵ ਆਇਆ ਸੀ। ਇਸ ਦੇ ਬਾਵਜੂਦ ਉਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਰੈਫਰ ਕਰ ਦਿੱਤਾ ਗਿਆ। ਉਸ ਸਮੇਂ ਡਾਕਟਰਾਂ ਨੇ ਦਾਅਵਾ ਕੀਤਾ ਸੀ ਕਿ ਮਰੀਜ਼ ਵਿੱਚ ਕਰੋਨਾ ਦੇ ਲੱਛਣ ਹਨ। ਪਰਮਿੰਦਰ ਕੰਬੋਜ ਦੀ ਪਤਨੀ ਅਨੀਤਾ ਕੰਬੋਜ ਨੇ ਪਤੀ ਦਾ ਇਲਾਜ ਨਿੱਜੀ ਹਸਪਤਾਲ ’ਚੋਂ ਕਰਵਾਉਣ ਦੀ ਇੱਛਾ ਜ਼ਾਹਰ ਕੀਤੀ ਸੀ ਪਰ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਇਹ ਇਜਾਜ਼ਤ ਨਹੀਂ ਦਿੱਤੀ। ਮ੍ਰਿਤਕ ਪ੍ਰੋਫੈਸਰ ਪਰਮਿੰਦਰ ਕੰਬੋਜ ਦੇ ਭਰਾ ਪਰਵੀਨ ਕੰਬੋਜ ਅਤੇ ਪਤਨੀ ਅਨੀਤਾ ਕੰਬੋਜ ਨੇ ਦੋਸ਼ ਲਾਇਆ ਕਿ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਪਰਮਿੰਦਰ ਦੀ ਦੇਖਭਾਲ ਨਹੀਂ ਹੋਈ ਅਤੇ ਨਾ ਹੀ ਕੋਈ ਡਾਕਟਰ ਵਾਰਡ ਦੇ ਅੰਦਰ ਗਿਆ। ਇੱਥੋਂ ਤੱਕ ਕਿ ਮਰੀਜ਼ਾਂ ਨੂੰ ਵਾਰਡ ਵਿੱਚ ਮੁੱਢਲੀ ਡਾਕਟਰੀ ਸਹਾਇਤਾ ਤੇ ਖਾਣਾ-ਪਾਣੀ ਆਦਿ ਵੀ ਨਹੀਂ ਦਿੱਤਾ ਗਿਆ। ਸੂਤਰਾਂ ਅਨੁਸਾਰ ਇਸ ਅਣਗਹਿਲੀ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਤਿੰਨ ਨਾਮਵਰ ਡਾਕਟਰਾਂ ਦਾ ਨਾਂ ਸਾਹਮਣੇ ਆਇਆ ਹੈ। ਉਪ ਮੰਡਲ ਮੈਜਿਸਟਰੇਟ ਪਰਮਦੀਪ ਸਿੰਘ ਖਹਿਰਾ ਨੇ ਇਸ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਵੀ ਗੰਗਾਨਗਰ ਦੇ ਮਰੀਜ਼ ਦੀ ਮੌਤ ਤੋਂ ਬਾਅਦ ਹਸਪਤਾਲ ’ਚ ਮਰੀਜ਼ਾਂ ਦੇ ਵਾਰਸਾਂ ਨੇ ਡਾਕਟਰਾਂ ’ਤੇ ਅਣਗਹਿਲੀ ਦਾ ਦੋਸ਼ ਲਾਇਆ ਸੀ। ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਡਾਕਟਰਾਂ ’ਤੇ ਲੱਗੇ ਦੋਸ਼ਾਂ ਦੀ ਨਿਰਪੱਖ ਪੜਤਾਲ ਕੀਤੀ ਜਾ ਰਹੀ ਹੈ। ਕਿਸੇ ਨਾਲ ਵੀ ਨਾ-ਇਨਸਾਫ਼ੀ ਨਹੀਂ ਹੋਵੇਗੀ।