ਖੇਤਰੀ ਪ੍ਰਤੀਨਿਧ
ਧੂਰੀ, 19 ਫਰਵਰੀ
ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਤਿੰਨ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ ਪਰ ਇਹ ਤਿੰਨੇ ਆਪਣੀ ਵੋਟ ਖੁਦ ਨੂੰ ਨਹੀਂ ਪਾ ਸਕਣਗੇ, ਜਿਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਦੀ ਵੋਟ ਤੇ ਚੋਣ ਹਲਕਾ ਵੱਖਰਾ-ਵੱਖਰਾ ਹੈ। ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ‘ਆਪ’ ਦੇ ਉਮੀਦਵਾਰ ਭਗਵੰਤ ਮਾਨ ਦੀ ਵੋਟ ਮੁਹਾਲੀ ਵਿੱਚ ਬਣੀ ਹੋਈ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਬਾਦਲ ਜਲਾਲਾਬਾਦ ਹਲਕੇ ਤੋਂ ਚੋਣ ਲੜ ਰਹੇ ਹਨ, ਜਦੋਂਕਿ ਉਨ੍ਹਾਂ ਦੀ ਵੋਟ ਲੰਬੀ ਹਲਕੇ ਵਿੱਚ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਹਲਕਿਆਂ ਤੋਂ ਚੋਣ ਲੜ ਰਹੇ ਹਨ ਪਰ ਉਨ੍ਹਾਂ ਦੀ ਵੋਟ ਖਰੜ ਵਿੱਚ ਬਣੀ ਹੋਈ ਹੈ।