ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 24 ਦਸੰਬਰ
ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲ ਭਲਕੇ 25 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸੰਗਤ ਮੱਥਾ ਟੇਕਣ ਆ ਰਹੀ ਹੈ ਅਤੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਗੁਰੂ ਘਰ ਵਿਚ ਨਤਮਸਤਕ ਹੋਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਵਾਜਾਈ ਦੀ ਬਹਾਲੀ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਸੰਗਤ ਲਈ ਥਾਂ-ਥਾਂ ’ਤੇ ਲੰਗਰ ਲਾਏ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜ਼ਿਲ੍ਹਾ ਜਥੇਦਾਰ ਜਗਦੀਪ ਸਿੰਘ ਚੀਮਾ, ਅਮਲੋਹ ਹਲਕੇ ਦੇ ਅਕਾਲੀ-ਬਸਪਾ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਪ੍ਰੋਗਰਾਮਾਂ ਬਾਰੇ ਵੇਰਵਾ ਦਿੰਦਿਆਂ ਦੱਸਿਆ ਕਿ 25 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਖੰਡ ਪਾਠ ਆਰੰਭ ਹੋਣਗੇ, ਜਿਸ ਦੇ ਭੋਗ 27 ਦਸੰਬਰ ਨੂੰ ਪੈਣਗੇ, 25 ਦਸੰਬਰ ਤੋਂ 28 ਦਸੰਬਰ ਤੱਕ ਦਿਨ-ਰਾਤ ਧਾਰਮਿਕ ਦੀਵਾਨ ਸਜਣਗੇ, 26 ਦਸੰਬਰ ਦੀ ਰਾਤ 9 ਵਜੇ ਤੋਂ ਵਿਸ਼ੇਸ ਕਵੀ ਦਰਬਾਰ ਹੋਵੇਗਾ, ਜਦੋਂਕਿ 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਆਰੰਭ ਹੋਵੇਗਾ, ਜਿਸ ਦੀ ਸਮਾਪਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹੋਵੇਗੀ ਅਤੇ 27 ਦਸੰਬਰ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗਾ।
ਨਿਹੰਗ ਸਿੰਘ 28 ਨੂੰ ਕੱਢਣਗੇ ਮਹੱਲਾ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਬਬਿਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰਿਵਾਇਤ ਮੁਤਾਬਕ ਖਾਲਸਾਈ ਮਹੱਲਾ 28 ਦਸੰਬਰ ਨੂੰ ਕੱਢਿਆ ਜਾਵੇਗਾ। ਇਸੇ ਦੌਰਾਨ ਜ਼ਿਲ੍ਹਾ ਪੁਲੀਸ ਨੇ ਸੰਗਤ ਦੀ ਸਹੂਲਤ ਲਈ 112 ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਹੈ।