ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨ ਮੁੱਢੋਂ ਰੱਦ ਕਰਨ ਦੀ ਮੰਗ ਸਬੰਧੀ ਦਿੱਲੀ ਦੀਆਂ ਹੱਦਾਂ ’ਤੇ ਹੱਡ ਚੀਰਵੀਂ ਠੰਢ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਇੱਥੋਂ ਦੇ ਨਜ਼ਦੀਕੀ ਪਿੰਡ ਮੇਘੋਵਾਲ ਤੋਂ ਅੱਜ ਇੱਥੇ ਦਿੱਲੀ ਦੇ ਸਿੰਘੂ ਬਾਰਡਰ ਲਈ ਸਾਂਝੇ ਕਿਸਾਨ ਮੋਰਚੇ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਗਜੀਤ ਸਿੰਘ, ਸਰਬਜੀਤ ਸਿੰਘ ਅਤੇ ਜਸਵੀਰ ਸਿੰਘ ਦੀ ਅਗਵਾਈ ਹੇਠ ਰਾਸ਼ਨ ਅਤੇ ਪਾਣੀ ਦੀਆਂ ਬੋਤਲਾਂ ਨਾਲ ਭਰੀਆਂ ਟਰਾਲੀਆਂ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਟਰਾਲੀਆਂ ਵਿੱਚ ਖਾਣ-ਪੀਣ ਦੇ ਵੱਖੋ-ਵੱਖਰੇ ਸਾਮਾਨ ਤੋਂ ਇਲਾਵਾ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਭੇਜੀਆਂ ਗਈਆਂ ਹਨ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ, ਜਨਵਾਦੀ ਇਸਤਰੀ ਸਭਾ ਸੂਬਾਈ ਪ੍ਰਧਾਨ ਸੁਭਾਸ਼ ਮੱਟੂ, ਕਾਮਰੇਡ ਗੁਰਨੇਕ ਸਿੰਘ ਭੱਜਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਹਰਸ਼ਰਨ ਸਿੰਘ ਭਾਤ ਪੁਰੀ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨ ਮੁੱਢੋਂ ਰੱਦ ਕਰਨ ਦੀ ਮੰਗ ਕਰਦਿਆਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।