ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 7 ਸਤੰਬਰ
ਸੂਬੇ ਦੇ ਲੋਕਾਂ ਨੂੰ ਜਾਇਦਾਦ ਦੀ ਖ਼ਰੀਦ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਰੀਅਲ ਅਸਟੇਟ ਡਿਵੈੱਲਪਰਾਂ ਨੂੰ ਕਿਹਾ ਹੈ ਕਿ ਉਹ ਜਾਇਦਾਦ ਵੇਚਣ ਸਮੇਂ ਕੀਤੇ ਵਾਅਦੇ ਮੁਤਾਬਕ ਖਰੀਦਦਾਰਾਂ ਨੂੰ ਜਾਇਦਾਦ ਦਾ ਸਮੇਂ ਸਿਰ ਕਬਜ਼ਾ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ‘ਰੇਰਾ’ ਨੂੰ ਤਕਰੀਬਨ 3600 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਜਾਇਦਾਦ ਦਾ ਦੇਰੀ ਨਾਲ ਕਬਜ਼ਾ ਮਿਲਣ ਸਬੰਧੀ ਹਨ। ਕਨਫੈਡਰੇਸ਼ਨ ਆਫ ਰੀਅਲ ਅਸਟੇਟ ਡਿਵੈੱਲਪਰਜ਼ ਐਸੋਸੀਏਸ਼ਨ ਆਫ ਇੰਡੀਆ ਦੇ ਪੰਜਾਬ ਚੈਪਟਰ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਤੇ ਯੋਜਨਾਬੱਧ ਰਿਹਾਇਸ਼ੀ ਅਤੇ ਕਮਰਸ਼ੀਅਲ ਵਿਕਾਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਕਲੋਨੀਆਂ ਨੂੰ ਕਿਸੇ ਵੀ ਕੀਮਤ ਉਤੇ ਵਿਕਸਤ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਹ ਛੇਤੀ ਹੀ ਬੀਤੇ ਦੀ ਗੱਲ ਹੋ ਜਾਣਗੀਆਂ।
ਡਿਵੈੱਲਪਰਾਂ ਨੂੰ ਐਕਸਟਰਨਲ ਡਿਵੈੱਲਪਮੈਂਟ ਚਾਰਿਜਿਜ਼ (ਈਡੀਸੀ) ਅਤੇ ਹੋਰ ਬਕਾਇਆਂ ਦਾ ਜਲਦ ਤੋਂ ਜਲਦ ਭੁਗਤਾਨ ਕਰਨ ਲਈ ਆਖਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਇਕੱਤਰ ਕੀਤੇ ਗਏ ਈਡੀਸੀ ਨੂੰ ਅਧਿਕਾਰਤ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਤਿਆ ਜਾਣਾ ਹੈ। ਡਿਵੈੱਲਪਰਾਂ ਦੀਆਂ ਮੁਸ਼ਕਲਾਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਤਰਫੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਐੱਸਏਐੱਸ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਚੀਫ ਟਾਊਨ ਪਲਾਨਰ, ਪੰਜਾਬ ਪੰਕਜ ਬਾਵਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।