ਪੱਤਰ ਪ੍ਰੇਰਕ
ਚੰਡੀਗੜ੍ਹ, 2 ਅਕਤੂਬਰ
ਟਰੇਨਿੰਗ ਅਫ਼ਸਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਚੇਅਰਮੈਨ ਨਾਸਿਰ ਅਲੀ ਅਤੇ ਪ੍ਰਧਾਨ ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਆਈਟੀਆਈਜ਼ ਦੇ ਇੰਸਟਰੱਕਟਰਾਂ ਦੀਆਂ ਤਰੱਕੀਆਂ ਦੇ ਮੁੱਦੇ ਬਾਰੇ ਚਰਚਾ ਕੀਤੀ ਗਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਇੰਸਟਰੱਕਟਰਾਂ ਪ੍ਰਤੀ ਵਤੀਰੇ ਦੀ ਨਿਖੇਧੀ ਵੀ ਕੀਤੀ ਗਈ। ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਿੱਲ ਨੇ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਟਰੱਕਟਰਾਂ ਦਾ ਵਫ਼ਦ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਕਈ ਵਾਰ ਵਿਭਾਗ ਦੇ ਉੱਚ-ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕਾ ਹੈ ਪਰ ਅਫ਼ਸੋਸ ਕਿ ਅਧਿਕਾਰੀਆਂ ਵੱਲੋਂ ਲਾਰੇ-ਲੱਪਿਆਂ ਤੋਂ ਇਲਾਵਾ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿਚ ਦਿੱਤੇ ਗਏ ਧਰਨੇ ਦੌਰਾਨ ਡਾਇਰੈਕਟਰ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ ਚਾਰ ਅਕਤੂਬਰ ਦੀ ਮੀਟਿੰਗ ਨਿਸ਼ਚਿਤ ਹੋਈ ਹੈ ਅਤੇ ਸੰਘਰਸ਼ ਕਮੇਟੀ ਦਾ ਵਫ਼ਦ ਡਾਇਰੈਕਟਰ ਨੂੰ ਮਿਲੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਵਾਰ ਦੀ ਮੀਟਿੰਗ ਵਿੱਚ ਇੰਸਟਰੱਕਟਰਾਂ ਦੀਆਂ ਤਰੱਕੀਆਂ ਦਾ ਮਸਲਾ ਹੱਲ ਕਰ ਕੇ ਦੀਵਾਲ਼ੀ ਦਾ ਤੋਹਫ਼ਾ ਦਿੱਤਾ ਜਾਵੇ।