ਪੱੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਅਕਤੂਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ ਕਰਕੇ ਬੰਦ ਪਏ ਰੂਟਾਂ ’ਤੇ ਬੱਸ ਸੇਵਾ ਸ਼ੁਰੂ ਕਰਾਉਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਸ੍ਰੀ ਆਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿੱਚ ਅਚਨਚੇਤ ਪਹੁੰਚੇ ਟਰਾਂਸਪੋਰਟ ਮੰਤਰੀ ਨੇ ਡਿੱਪੂ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਵਿਚਾਲੇ ਸਰਕਾਰੀ ਬੱਸਾਂ ਨਾ ਚਲਾਉਣ ਦਾ ਕਾਰਨ ਜਾਣਿਆ ਅਤੇ ਭਲਕੇ 10 ਅਕਤੂਬਰ ਤੋਂ ਸਿੱਖੀ ਦੇ ਦੋਵੇਂ ਕੇਂਦਰਾਂ ਵਿਚਾਲੇ ਨਿਰੰਤਰ ਬੱਸ ਸਰਵਿਸ ਸ਼ੁਰੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜਨਰਲ ਮੈਨੇਜਰ ਦਫ਼ਤਰ ਵਿੱਚ ਇਸ ਰੂਟ ’ਤੇ ਬੱਸਾਂ ਨਾ ਚਲਾਉਣ ਸਬੰਧੀ ਵੇਰਵੇ ਘੋਖਦਿਆਂ ਜਨਰਲ ਮੈਨੇਜਰ ਪਰਮਵੀਰ ਸਿੰਘ ਨੂੰ ਫ਼ੋਨ ’ਤੇ ਨਿਰਦੇਸ਼ ਦਿੱਤੇ ਕਿ ਇਸ ਰੂਟ ’ਤੇ ਬੱਸਾਂ ਨਾ ਚੱਲਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ, ਇਸ ਲਈ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਅਹਿਮੀਅਤ ਵਾਲੇ ਅਜਿਹੇ ਬੱਸ ਰੂਟਾਂ ’ਤੇ ਸਰਕਾਰੀ ਬੱਸਾਂ ਚਲਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਨਰਲ ਮੈਨੇਜਰ ਨੂੰ ਆਦੇਸ਼ ਦਿੱਤੇ ਕਿ ਬੱਸ ਸਟੈਂਡ ਦੀ ਸਾਫ਼-ਸਫ਼ਾਈ ਵੱਲ ਹੋਰ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਸ੍ਰੀ ਭੁੱਲਰ ਨੇ ਸਵਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਬੱਸ ਤੰਤਰ ਨੂੰ ਆਲ੍ਹਾ ਦਰਜੇ ਦਾ ਬਣਾਉਣ ਵੱਲ ਉਚੇਚਾ ਧਿਆਨ ਦੇ ਰਹੇ ਹਨ। ਸ੍ਰੀ ਆਨੰਦਪੁਰ ਸਾਹਿਬ ਦੀ ਆਪਣੀ ਫੇਰੀ ਦੌਰਾਨ ਟਰਾਂਸਪੋਰਟ ਮੰਤਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਿਰੋਪਾਉ ਦੇ ਕੇ ਨਿਵਾਜਿਆ ਗਿਆ। ਡਿੱਪੂ ਮੁਲਾਜ਼ਮਾਂ ਦੀ ਮੰਗ ’ਤੇ ਮੰਤਰੀ ਨੇ ਭਰੋਸਾ ਦਿਵਾਇਆ ਕਿ ਛੇਤੀ ਹੀ ਬੱਸ ਵਾਸ਼ਿੰਗ ਡੱਗ ਨੂੰ ਪੱਕਾ ਕੀਤਾ ਜਾਵੇਗਾ।